ਅੰਮ੍ਰਿਤਸਰ, ੨੪ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ੧੯੮੪ ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰਕਾਰੇ ਦੀ ਸਿਖ਼ਰ ਸੀ ਅਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਮਾਨਸਿਕ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ ਇੱਕ ਮਾਮਲੇ ‘ਚ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚੋਂ ਜ਼ਮਾਨਤਾਂ ਮਿਲਣਾ ਅਫ਼ਸੋਸਨਾਕ ਹੈ ਅਤੇ ਇਸ ਬਾਰੇ ਮਾਨਯੋਗ ਉੱਚ ਅਦਾਲਤ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਜੂਨ ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ ਹਮਲਾ ਕਰਨਾ ਅਤੇ ਫਿਰ ਨਵੰਬਰ ੧੯੮੪ ਵਿਚ ਦਿੱਲੀ ਸਮੇਤ ਹੋਰਨਾਂ ਥਾਵਾਂ ‘ਤੇ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਇਸ ਵਿਚ ਕਿਸੇ ਕਿਸਮ ਠਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤਾਂ ਵੱਲੋਂ ਸਿੱਖਾਂ ਦੇ ਕਤਲੇਆਮ ਅਤੇ ਸਿੱਖਾਂ ਵਿਰੁੱਧ ਹੋਏ ਅੱਤਿਆਚਾਰ ਨੂੰ ਸਾਹਮਣੇ ਰੱਖ ਕੇ ਹੀ ਫੈਸਲਾ ਕਰਨਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।