ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰ ਰਹੇ ਮੌਜੂਦ

ਅੰਮ੍ਰਿਤਸਰ, ੫ ਅਕਤੂਬਰ- ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ੧੯ ਮਈ ੨੦੧੬ ਨੂੰ ਸ਼ਾਰਟ ਸਰਕਟ ਹੋਣ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਆਰੰਭਤਾ ਦੀ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਮੌਜੂਦ ਸਨ।ਜ਼ਿਕਰਯੋਗ ਹੈ ਕਿ ੧੮ ਸਤੰਬਰ ੨੦੨੦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵੱਲੋਂ ਸਵੈ-ਇੱਛਤ ਤੌਰ ‘ਤੇ ਖਿਮਾ ਜਾਚਨਾ ਲਈ ਹਾਜ਼ਰ ਹੋਣ ਸਮੇਂ ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਸੀ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਸ ਦਾ ਭੋਗ ੭ ਅਕਤੂਬਰ ਨੂੰ ਪਵੇਗਾ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ੭ ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ ੯ ਅਕਤੂਬਰ ਨੂੰ ਪਾਇਆ ਜਾਵੇਗਾ।
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।