ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ

ਅੰਮ੍ਰਿਤਸਰ, 22 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ਆਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਸਵਾਗਤ ਸ਼ਹਿਰ ਦੇ ਬਾਈਪਾਸ ਨਜ਼ਦੀਕ ਗੋਲਡਨ ਗੇਟ ਵਿਖੇ ਹੋਇਆ। ਨਗਰ ਕੀਰਤਨ ਨੂੰ ਜੀ-ਆਇਆਂ ਕਹਿਣ ਲਈ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਤੋਂ ਇਲਾਵਾ ਸੰਗਤਾਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਵਾਗਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਬੰਡਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਨਿਸ਼ਾਨ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਨਿਸ਼ਾਨ ਸਿੰਘ, ਸ. ਬਘੇਲ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ ਸਮੇਤ ਹੋਰ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਨਾਲ ਮੌਜੂਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸਿੰਘ ਸਾਹਿਬ ਭਾਈ ਰਾਮ ਸਿੰਘ, ਗੁਰਦੁਆਰਾ ਨਾਨਕ ਝੀਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਬਲਬੀਰ ਸਿੰਘ, ਸ. ਮਨਪ੍ਰੀਤ ਸਿੰਘ ਕੋਆਰਡੀਨੇਟਰ ਅਤੇ ਸ. ਡੀ.ਪੀ. ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦਿੱਤੇ ਗਏ।
ਦੱਸਣਯੋਗ ਹੈ ਕਿ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਹੈ। ੨ ਜੂਨ ਨੂੰ ਆਰੰਭ ਹੋਏ ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ੧੮ ਜੁਲਾਈ ਨੂੰ ਪੰਜਾਬ ਦਾਖ਼ਲ ਹੋਣ ਮਗਰੋਂ ਪਟਿਆਲਾ, ਸਰਹਿੰਦ, ਲੁਧਿਆਣਾ, ਸੁਲਤਾਨਪੁਰ ਲੋਧੀ ਤੋਂ ਹੁੰਦਾ ਹੋਇਆ ਅੱਜ ਇਹ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਾ ਹੈ। ਇਸੇ ਦੌਰਾਨ ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ‘ਤੇ ਪਲਾਜ਼ਾ ਵਿਖੇ ਵੀ ਸਵਾਗਤ ਕੀਤਾ ਗਿਆ। ਨਗਰ ਕੀਰਤਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਉਪਰੰਤ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।