ਗੁਰਮਤਿ ਸਮਾਗਮ ‘ਚ ੧੧੦੦ ਬੱਚੇ ਕਰ ਰਹੇ ਹਨ ਸ਼ਮੂਲੀਅਤ

ਅੰਮ੍ਰਿਤਸਰ, 27 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ ੧ ਸਤੰਬਰ ਨੂੰ ਕਰਵਾਏ ਜਾ ਰਹੇ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਲਈ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ੍ਰੀ ਨਰੇਸ਼ ਗੁਜਰਾਲ ਸਮੇਤ ਦਿੱਲੀ ਕਮੇਟੀ ਦੇ ਨੁਮਾਇੰਦੇ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ-ਵੱਖ ਗੁਰਮਤਿ ਸਮਾਗਮ ਉਲੀਕੇ ਜਾ ਰਹੇ ਹਨ। ਜਿਸ ਤਹਿਤ ਇਕ ਸਮਾਗਮ ਦਿੱਲੀ ਦੇ ਆਈ.ਜੀ.ਆਈ. ਸਟੇਡੀਅਮ ਵਿਖੇ ਇਕ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ੧ ਸਤੰਬਰ ਨੂੰ ਹੋਣ ਵਾਲੇ ਇਸ ਸਮਾਗਮ ਵਿਚ ੧੧੦੦ ਬੱਚੇ ਸ਼ਮੂਲੀਅਤ ਕਰਕੇ ਕੀਰਤਨ ਕਰਨਗੇ। ਇਸ ਸਮਾਗਮ ਵਿਚ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਹੋਣਗੀਆਂ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸਮਾਗਮ ਵਿਚ ਸ਼ਮੂਲੀਅਤ ਲਈ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਨੇ ਸਮਾਗਮ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਇਸ ਸਮਾਗਮ ਵਿਚ ਪੁੱਜਣ ਲਈ ਦੇਸ਼ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਅਪੀਲ ਕੀਤੀ ਜਾਵੇਗੀ।