ਅੰਮ੍ਰਿਤਸਰ, ੨੪ ਅਪ੍ਰੈਲ–  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ ਵੱਖ ਸੂਬਿਆਂ ਅੰਦਰ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ ੨੦੧੯ ਵਿਚ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਉਤਸ਼ਾਹ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਲਈ ਸੰਗਤ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਭਾਈ ਹਰਪਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ, ਜਦਕਿ ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥੇ ਨੇ ਸੰਗਤ ਨਾਲ ਢਾਡੀ ਵਾਰਾਂ ਰਾਹੀਂ ਸਾਂਝ ਪਾਈ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ ੧੫ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਸਮਾਗਮ ਦੌਰਾਨ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਟਾਨਗਰ ਦੇ ਪ੍ਰਧਾਨ ਭਾਈ ਗੁਰਮੁੱਖ ਸਿੰਘ ਨੇ ਸਿੰਘ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਹਜ਼ਾਰੀ ਬਾਗ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਹਜ਼ਾਰੀ ਭਰੀ। ਇਸ ਮੌਕੇ ਸ. ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਹਜ਼ਾਰੀ ਬਾਗ, ਸ. ਗੁਰਮੁੱਖ ਸਿੰਘ, ਸ. ਚਰਨਜੀਤ ਸਿੰਘ ਆਦਿ ਮੌਜੂਦ ਸਨ।