ਅੰਮ੍ਰਿਤਸਰ, ੧੦ ਮਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ ੧੧ ਮਈ ਨੂੰ ਪੰਜਾਬ ਪੁੱਜਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ ੩ ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ੬ ਨੌਜੁਆਨਾਂ ਵੱਲੋਂ ਆਰੰਭ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ੧੧ ਮਈ ਨੂੰ ਸਵੇਰੇ ੧੦:੦੦ ਵਜੇ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਸਤੇ ਪੰਜਾਬ ਪੁੱਜੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਅਤੇ ਅਧਿਕਾਰੀਆਂ ਵੱਲੋਂ ਯਾਤਰਾ ਦੇ ਨੌਜੁਆਨਾਂ ਨੂੰ ਜੀ-ਆਇਆਂ ਆਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜੁਆਨਾਂ ਦਾ ਅਟਾਰੀ ਸਰਹੱਦ ਵਿਖੇ ਸਵਾਗਤ ਹੋਵੇਗਾ, ਜਿਸ ਮਗਰੋਂ ਇਕ ਕਾਫਲੇ ਦੀ ਰੂਪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਯਾਤਰਾ ਪੁੱਜੇਗੀ। ਇਥੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ੧੨ ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਵੀ ਯਾਤਰਾ ਕਰਨ ਵਾਲੇ ਨੌਜੁਆਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।