ਪਹਿਲੇ ਪਾਤਸ਼ਾਹ ਦਾ ਫਲਸਫਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਨ-ਗਿਆਨੀ ਹਰਪ੍ਰੀਤ ਸਿੰਘ


ਅੰਮ੍ਰਿਤਸਰ, ੬ ਮਾਰਚ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ, ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਤੇ ਸਿੰਘ ਸਭਾਵਾਂ ਦੀ ਭੂਮਿਕਾ ਅਹਿਮ ਹੈ ਅਤੇ ਸਭ ਦੇ ਸਹਿਯੋਗ ਨਾਲ ਹੀ ਗੁਰੂ ਸਾਹਿਬ ਦੇ ਇਤਿਹਾਸਕ ਪੁਰਬ ਨੂੰ ਸਾਂਝੇ ਤੌਰ ‘ਤੇ ਮਨਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਪੈਂਦੇ ਗੁਰਦੁਆਰਾ ਨਾਨਕਸਰ ਸਾਹਿਬ ਉਚੋਲੀਆ ਵਿਖੇ ਸ਼੍ਰੋਮਣੀ ਕਮੇਟੀ ਤੇ ਬਾਬਾ ਗੁਰਨਾਮ ਸਿੰਘ ਕਾਰਸੇਵਾ ਮਹਿੰਗਾਪੁਰ ਵਾਲਿਆਂ ਵੱਲੋਂ ਸਾਂਝੇ ਤੌਰ ‘ਤੇ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦਾ ਫਲਸਫਾ ਸਮੁੱਚੀ ਮਨੁੱਖਤਾ ਲਈ ਸਾਂਝਾ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮਾਜ ਨੂੰ ਉੱਚਾ ਚੁੱਕਣ ਲਈ ਮਾਰਗ-ਦਰਸ਼ਨ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਮਹਾਂਪੁਰਖਾਂ ਵੱਲੋਂ ਕਰਵਾਇਆ ਗਿਆ ਇਹ ਗੁਰਮਤਿ ਸਮਾਗਮ ਯੂ. ਪੀ. ਦੀਆਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਇਕ ਚੰਗਾ ਯਤਨ ਹੈ ਅਤੇ ਅਜਿਹੇ ਸਮਾਗਮ ਵੱਧ ਤੋਂ ਵੱਧ ਹੋਣੇ ਚਾਹੀਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪਹੁੰਚੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ੫੫੦ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ ਅੰਦਰ ਗੁਰਮਤਿ ਸਮਾਗਮ ਕਰਵਾ ਰਹੀ ਹੈ ਜੋ ਪ੍ਰਕਾਸ਼ ਪੁਰਬ ਸਮਾਗਮਾਂ ਤੱਕ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਸਮਾਗਮ ਲਈ ਦਿੱਤੇ ਵਿਸ਼ੇਸ਼ ਸਹਿਯੋਗ ਲਈ ਬਾਬਾ ਗੁਰਨਾਮ ਸਿੰਘ ਕਾਰਸੇਵਾ ਵਾਲਿਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਸਿੱਖ ਮਿਸ਼ਨ ਯੂ.ਪੀ. ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਮਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਕਵੀਸ਼ਰ ਭਾਈ ਸਤਨਾਮ ਸਿੰਘ ਤੇ ਭਾਈ ਜੋਗਾ ਸਿੰਘ ਦੇ ਜਥੇ ਨੇ ਵੀ ਹਾਜ਼ਰੀ ਭਰੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਬਾਬਾ ਗੁਰਨਾਮ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਰਾਗੀ ਤੇ ਪ੍ਰਚਾਰਕ ਸਿੰਘਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਕਮਲੇਸ਼ ਕੌਰ ਪ੍ਰਧਾਨ ਸਿੰਘ ਸਭਾ ਸ਼ਾਹਜਹਾਨਪੁਰ ਸਮੇਤ ਭਰਵੀਂ ਗਿਣਤੀ ਵਿਚ ਸੰਗਤ ਮੌਜੂਦ ਸੀ।