ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਸੱਦਾ ਕੀਤਾ ਪ੍ਰਵਾਨ

ਅੰਮ੍ਰਿਤਸਰ ੨੦ ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ੧੨ ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ। ਇਸ ਸਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਦਿੱਤਾ ਗਿਆ ਸੱਦਾ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਰਾਮਨਾਥ ਕੋਵਿੰਦ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸੱਦਾ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਰਾਜ ਸਭਾ ਦੇ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਮੌਜੂਦ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਦੇਸ਼ ਦੇ ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਸੱਦਾ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਇਸ ਇਤਿਹਾਸਕ ਮੌਕੇ ‘ਤੇ ਹਾਜ਼ਰ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੋਵੇਗੀ। ਇਸ ਮੌਕੇ ਸਿੱਖ ਵਫ਼ਦ ਵੱਲੋਂ ਸ੍ਰੀ ਰਾਮਨਾਥ ਕੋਵਿੰਦ ਨੂੰ ਸਤਿਕਾਰ ਵਜੋਂ ਫੁੱਲਾਂ ਦਾ ਗੁਲਦਸਤਾ ਵੀ ਭੇਟ ਕੀਤਾ ਗਿਆ। ਦੱਸਣਯੋਗ ਹੈ ਕਿ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ। ਇਸ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਅੰਤਰ ਧਰਮ ਸੰਮੇਲਨ ਸਬੰਧੀ ਵੱਖ-ਵੱਖ ਧਰਮ ਆਗੂਆਂ ਨੂੰ ਵੀ ਸੱਦੇ ਦਿੱਤੇ ਗਏ ਹਨ।