ਮੱਧ ਪ੍ਰਦੇਸ਼ ਵਿਖੇ ਸਿਕਲੀਗਰ ਸਿੱਖਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨਾ ਮੰਦਭਾਗਾ

ਅੰਮ੍ਰਿਤਸਰ, ੬ ਮਾਰਚ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿਕਲੀਗਰ ਸਿੱਖਾਂ ਨਾਲ ਵਿਸ਼ੇਸ਼ ਤੌਰ ‘ਤੇ ਰਾਬਤਾ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸਿਕਲੀਗਰ ਤੇ ਵਣਜਾਰੇ ਸਿੱਖ ਸਾਡੇ ਸਮਾਜ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਦੀ ਸ਼ਤਾਬਦੀ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਨਾਲ ਸਿਕਲੀਗਰ ਸਿੱਖ ਭਾਈਚਾਰਾ ਜਿਥੇ ਇਸ ਯਾਦਗਾਰੀ ਮੌਕੇ ‘ਤੇ ਗੁਰੂ ਸਾਹਿਬ ਨੂੰ ਆਪਣੀ ਸ਼ਰਧਾ ਭੇਟ ਕਰ ਸਕੇਗਾ, ਉਥੇ ਹੀ ਪਹਿਲੇ ਪਾਤਸ਼ਾਹ ਜੀ ਦੇ ਜੀਵਨ ਫਲਸਫੇ ਸਬੰਧੀ ਜਾਣਕਾਰੀ ਵੀ ਪ੍ਰਾਪਤ ਕਰੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਇਸੇ ਤਹਿਤ ਹੀ ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਆਦਿ ਥਾਵਾਂ ‘ਤੇ ਵੱਸਦੇ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਉਨ੍ਹਾਂ ਦੀਆਂ ਹਰ ਸਾਲ ਫੀਸਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸਮੇਂ ਸਮੇਂ ‘ਤੇ ਸਿਕਲੀਗਰ ਸਿੱਖਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਅਨੰਦਪੁਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰ-ਅਸਥਾਨਾਂ ਦੇ ਦਰਸ਼ਨਾਂ ਲਈ ਵੀ ਪ੍ਰਬੰਧ ਕੀਤੇ ਜਾਂਦੇ ਹਨ। ਸ਼੍ਰੋਮਣੀ ਕਮੇਟੀ ਦੇ ਇੱਕ ਫੈਸਲੇ ਅਨੁਸਾਰ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਤਕਨੀਕੀ ਵਿੱਦਿਆ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਸੱਚ ਹੈ ਕਿ ਬਹੁ-ਗਿਣਤੀ ਸਿਕਲੀਗਰ ਸਿੱਖ ਆਪਣੇ ਬੱਚਿਆਂ ਨੂੰ ਵਿੱਦਿਆ ਲਈ ਪੰਜਾਬ ਨਹੀਂ ਭੇਜਣਾ ਚਾਹੁੰਦੇ, ਕਿਉਂਕਿ ਉਹ ਉਨ੍ਹਾਂ ਨੂੰ ਪਿਤਾ ਪੁਰਖੀ ਕੰਮ-ਕਾਜ ਦਾ ਹਿੱਸਾ ਬਣਾਉਣ ਨੂੰ ਹੀ ਤਰਜ਼ੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਦੁਖ ਦੀ ਗੱਲ ਹੈ ਕਿ ਆਪਣੇ ਰੁਜ਼ਗਾਰ ਲਈ ਕੰਮ ਕਰਨ ਵਾਲੇ ਸਿਕਲੀਗਰ ਸਿੱਖਾਂ ਨੂੰ ਮੱਧ ਪ੍ਰਦੇਸ਼ ਪੁਲਿਸ ਵੱਲੋਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨਾਲ ਸਮੇਂ-ਸਮੇਂ ਲਿਖਾ-ਪੜ੍ਹੀ ਵੀ ਕੀਤੀ ਗਈ ਹੈ, ਪਰ ਅਜੇ ਵੀ ਕਈ ਥਾਵਾਂ ‘ਤੇ ਸਿਕਲੀਗਰ ਸਿੱਖਾਂ ਨੂੰ ਪ੍ਰੇਸ਼ਾਨੀਆਂ ਵਿੱਚੋਂ ਲੰਘਣਾ ਪੈ ਰਿਹਾ ਹੈ। ਉਨ੍ਹਾਂ ਸਥਾਨਕ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਕਿਰਤੀ ਸਿੱਖ ਭਾਈਚਾਰੇ ਨੂੰ ਬਿਨਾ ਵਜ੍ਹਾ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਸਰਕਾਰੀ ਸਹੂਲਤਾਂ ਵੀ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿਚ ਦੁਬਾਰਾ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰਾਂ ਨੂੰ ਲਿਖਿਆ ਜਾਵੇਗਾ।