ਲੋੜੀਂਦੇ ਪ੍ਰਬੰਧਾਂ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਹੋਈ

ਅੰਮ੍ਰਿਤਸਰ, 13 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੀ ਸ਼ਖ਼ਸੀਅਤ ਨੂੰ ਹੋਰ ਨਿਖਾਰਨ ਲਈ ‘ਗੁਰਮਤਿ ਸਿਖਲਾਈ ਸਕੂਲ’ ਚਲਾਉਣ ਦੀ ਵਿਉਂਤਬੰਦੀ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ ਅਤੇ ਇਹ ਸਕੂਲ 16 ਫਰਵਰੀ ਤੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ, ਪਟਿਆਲਾ ਵਿਖੇ ਆਰੰਭ ਹੋ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੂੰ ਇਸ ਦਾ ਹਿੱਸਾ ਬਣਾਇਆ ਜਾਵੇਗਾ ਅਤੇ ਇਸ ਸਕੂਲ ਵਿਚ ਇੱਕ-ਇੱਕ ਮਹੀਨੇ ਦੇ ਅਰਸੇ ਦੌਰਾਨ ਸਿੱਖ ਰਹਿਤ ਮਰਯਾਦਾ, ਸਿੱਖ ਇਤਿਹਾਸ, ਸ਼ੁੱਧ ਗੁਰਬਾਣੀ ਉਚਾਰਣ ਦੀ ਜਾਣਕਾਰੀ ਦੇ ਨਾਲ-ਨਾਲ ਪਹਿਰਾਵਾ, ਬੋਲਚਾਲ ਅਤੇ ਗੁਰਦੁਆਰਾ ਪ੍ਰਬੰਧ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸ ਬੜਾ ਮਹਾਨ ਤੇ ਵਿਲੱਖਣ ਹੈ ਅਤੇ ਕਰੜੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਆਈ ਇਸ ਮਾਣਮੱਤੀ ਸੰਸਥਾ ਵੱਲੋਂ ਜਿਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾਇਆ ਜਾਂਦਾ ਹੈ, ਉਥੇ ਹੀ ਧਰਮ ਪ੍ਰਚਾਰ, ਵਿੱਦਿਆ, ਸਿਹਤ ਸਹੂਲਤਾਂ ਅਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਸਿੱਧਾ ਰਾਬਤਾ ਸੰਗਤ ਨਾਲ ਰਹਿੰਦਾ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਪਰ ਸਮੇਂ-ਸਮੇਂ ‘ਤੇ ਇਸ ਗੱਲ ਦੀ ਅਵਸ਼ੱਕਤਾ ਰਹਿੰਦੀ ਹੈ ਕਿ ਉਨ੍ਹਾਂ ਨੂੰ ਰਿਫਰੈਸ਼ਰ ਕੋਰਸ ਲਗਾ ਕੇ ਵਰਤਮਾਨ ਦੇ ਅਨੁਕੂਲ ਕੀਤਾ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 16 ਫਰਵਰੀ ਨੂੰ ਸ਼ੁਰੂ ਕੀਤੇ ਜਾ ਰਹੇ ਇਸ ‘ਗੁਰਮਤਿ ਸਿਖਲਾਈ ਸਕੂਲ’ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੀ ਭੋਗ ਉਪਰੰਤ ਗੁਰਬਾਣੀ ਕੀਰਤਨ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਪਹਿਲੇ ਪੜਾਅ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ, ਕਥਾਵਾਚਕ, ਗ੍ਰੰਥੀ, ਸੇਵਾਦਾਰ, ਹੈਲਪਰ ਅਤੇ ਕਲਰਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਦੀ ਗਿਣਤੀ 55 ਹੋਏਗੀ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਨੁਸਾਰ ‘ਗੁਰਮਤਿ ਸਿਖਲਾਈ ਸਕੂਲ’ ਉਨ੍ਹਾਂ ਵੱਲੋਂ ਆਪਣੀ ਪਹਿਲੀ ਟਰਮ ਵਿਚ ਸਫਲਤਾ ਪੂਰਵਕ ਲਗਾਏ ਗਏ ਸਨ ਅਤੇ ਹੁਣ ਉਸੇ ਲੜੀ ਦੀ ਨਿਰੰਤਰਤਾ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੂਲ ਵਿਚ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਗੁਰੂ-ਘਰਾਂ ਦੇ ਪ੍ਰਬੰਧਕਾਂ, ਗ੍ਰੰਥੀਆਂ, ਅਖੰਡ ਪਾਠੀਆਂ ਆਦਿ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ।

ਇਸ ਸਬੰਧ ਵਿਚ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ, ਪਟਿਆਲਾ ਵਿਖੇ ਸਬ-ਕਮੇਟੀ ਦੀ ਇਕੱਤਰਤਾ ਕਰ ਕੇ ਇਸ ਸਬੰਧੀ ਲੋੜਾਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਕੱਤਰਤਾ ਵਿਚ ਸ. ਨਿਰਮਲ ਸਿੰਘ ਹਰਿਆਓ ਅੰਤ੍ਰਿੰਗ ਮੈਂਬਰ, ਸ. ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰੀਸਰਚ ਬੋਰਡ, ਡਾ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ, ਡਾ. ਗੁਰਵੀਰ ਸਿੰਘ ਡਾਇਰੈਕਟਰ, ਸ. ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਅਤੇ ਸ. ਜੋਗਾ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ ਬਹਾਦਰਗੜ੍ਹ ਸ਼ਾਮਲ ਹੋਏ।

ਇਸ ਤੋਂ ਇਲਾਵਾ ਡਾ. ਬਲਕਾਰ ਸਿੰਘ ਡਾਇਰੈਕਟਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ ਵੀ ਹਾਜ਼ਰ ਸਨ।