ਅੰਮ੍ਰਿਤਸਰ, 10 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਸ਼ਹਿਰ ਨੂੰ ਸੈਨੇਟਾਈਜ਼ ਕਰਨ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕਾਰਜ ਅੱਜ ਸ਼ੁਰੂ ਕੀਤਾ ਗਿਆ, ਜਿਸ ਦੀ ਆਰੰਭਤਾ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਸ਼ਹਿਰ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਤੋਂ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ, ਗਲਿਆਰਾ ਖੇਤਰ, ਸਰਾਵਾਂ ਆਦਿ ਵਾਲੇ ਪਾਸੇ ਇਸ ਦਾ ਛਿੜਕਾਅ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅਗਲੇ ਦਿਨਾਂ ਵਿਚ ਪਹਿਲਾਂ ਸ਼ਹਿਰ ਦੀ ਪੁਰਾਣੀ ਚਾਰਦੀਵਾਰੀ ਦੇ ਅੰਦਰ ਦੇ ਇਲਾਕੇ ਨੂੰ ਸ਼ੈਨੇਟਾਈਜ ਕੀਤਾ ਜਾਵੇਗਾ ਅਤੇ ਫਿਰ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਇਹ ਸੇਵਾ ਕੀਤੀ ਜਾਵੇਗੀ। ਇਸ ਕਾਰਜ ਲਈ ਤਿੰਨ ਟਰੈਕਟਰ ਵਰਤੇ ਜਾ ਰਹੇ ਹਨ ਅਤੇ ਲੰਮੀਆਂ ਪਾਈਪਾਂ ਰਾਹੀਂ ਗਲੀਆਂ, ਮਹੱਲਿਆਂ ਨੂੰ ਸੈਨੇਟਾਈਜ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਸ. ਪ੍ਰਤਾਪ ਸਿੰਘ, ਮੈਨਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।