ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮੰਗਲਵਾਰ, ੨੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੬ ਮਈ, ੨੦੨੫   (ਅੰਗ: ੬੫੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਕੇਂਦਰੀ ਸਿੱਖ ਅਜਾਇਬਘਰ ’ਚ ਸਥਾਪਤ ਹੋਵੇਗੀ ਪ੍ਰੋ: ਕਰਤਾਰ ਸਿੰਘ ਦੀ ਤਸਵੀਰ- ਐਡਵੋਕੇਟ ਧਾਮੀ
ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ/ਲੁਧਿਆਣਾ, 7 ਜਨਵਰੀ-
ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਐਕਸਟੈਂਸ਼ਨ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਪ੍ਰੋ: ਕਰਤਾਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਮਤਿ ਸੰਗੀਤ ਦੇ ਸ਼੍ਰੋਮਣੀ ਉਸਤਾਦ ਦਾ ਅਕਾਲ ਚਲਾਣਾ ਸਮੁੱਚੇ ਸਿੱਖ ਪੰਥ ਲਈ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਪੂਰਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਸਤਾਦ ਕੀਰਤਨੀਏ ਪ੍ਰੋ: ਕਰਤਾਰ ਸਿੰਘ ਵੱਲੋਂ ਗੁਰਮਤਿ ਸੰਗੀਤ ਕਲਾਂ ਨੂੰ ਪ੍ਰਫੁੱਲਤ ਕਰਨ ਲਈ ਅਣਥੱਕ ਯਤਨ ਅਤੇ ਉਪਰਾਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰੋ: ਕਰਤਾਰ ਸਿੰਘ ਦੀ ਨਿੱਘੀ ਯਾਦ ਨੂੰ ਸਦੀਵੀਂ ਤੌਰ ’ਤੇ ਕਾਇਮ ਰੱਖਣ ਲਈ ਵਚਨਬੱਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਪ੍ਰੋ: ਕਰਤਾਰ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰਮਤਿ ਸੰਗੀਤ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪ੍ਰੋ: ਕਰਤਾਰ ਸਿੰਘ ਦੇ ਕਾਰਜਾਂ ਤੋਂ ਸੇਧ ਲੈ ਕੇ ਪੁਰਤਾਨ ਕੀਰਤਨ ਸ਼ੈਲੀ ਵਿਚ ਨਿਪੁੰਨ ਹੋ ਸਕਣਗੇ। ਉਨ੍ਹਾਂ ਕੇਂਦਰੀ ਸਿੱਖ ਅਜਾਇਬਘਰ ਵਿਖੇ ਪ੍ਰੋ: ਕਰਤਾਰ ਸਿੰਘ ਦੀ ਤਸਵੀਰ ਲਗਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਜਵੱਦੀ ਟਕਸਾਲ ਦੇ ਮੁੱਖੀ ਬਾਬਾ ਅਮੀਰ ਸਿੰਘ ਨੇ ਵੀ ਪ੍ਰੋ: ਕਰਤਾਰ ਸਿੰਘ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਦੇ ਸਾਦਗੀ ਭਰੇ ਜੀਵਨ ਅਤੇ ਰਵਾਇਤੀ ਪੁਰਤਾਨ ਕੀਰਤਨ ਸ਼ੈਲੀ ਦੀ ਕਲਾਂ ਨੂੰ ਪ੍ਰਫੁੱਲਤ ਕਰਨ ਲਈ ਪਾਏ ਯੋਗਦਾਨ ਦੀ ਸਰਾਹਨਾ ਕੀਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਪ੍ਰਿਤਪਾਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਜਵੱਦੀ ਟਕਸਾਲ ਦੇ ਮੁੱਖੀ ਬਾਬਾ ਅਮੀਰ ਸਿੰਘ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਪ੍ਰੋ: ਕਰਤਾਰ ਸਿੰਘ ਦੇ ਸਪੁੱਤਰਾਂ ਐਡਵੋਕੇਟ ਅਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਵਰਗੀ ਪੁੱਤਰ ਇੰਦਰਪਾਲ ਸਿੰਘ ਦੇ ਬੇਟੇ ਨੂੰ ਦਸਤਾਰਾਂ ਭੇਟ ਕੀਤੀਆਂ। ਇਸ ਤੋਂ ਪਹਿਲਾਂ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਪ੍ਰੋ: ਕਰਤਾਰ ਸਿੰਘ ਤੋਂ ਗੁਰਮਤਿ ਸੰਗੀਤ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਅੰਤਿਮ ਅਰਦਾਸ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਸ. ਗੁਰਵਿੰਦਰ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਬਾਬਾ ਅਜੀਤ ਸਿੰਘ, ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ. ਹਰਭਜਨ ਸਿੰਘ ਡੰਗ, ਸ. ਬਲਵਿੰਦਰ ਸਿੰਘ ਭੁੱਲਰ, ਡਾ. ਅਨੁਰਾਗ ਸਿੰਘ, ਸ. ਜਸਬੀਰ ਸਿੰਘ ਪਟਿਆਲਾ ਯੂਨੀਵਰਸਿਟੀ, ਸ. ਰਣਜੀਤ ਸਿੰਘ ਖਾਲਸਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।