ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 3 ਜੁਲਾਈ-
ਅਜ਼ਾਦ ਭਾਰਤ ਅੰਦਰ ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਧਾਰਮਿਕ ਦੀਵਾਨ ’ਚ ਢਾਡੀ ਜਥੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਣਗੇ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀ ਗੁਲਾਮੀ ਸਮੇਂ ਤਾਂ ਸਰਕਾਰਾਂ ਵੱਲੋਂ ਤਸ਼ੱਦਦ ਹੁੰਦਾ ਸੀ, ਪ੍ਰੰਤੂ ਸਿੱਖਾਂ ਵੱਲੋਂ ਵੱਡੀਆਂ ਕੁਰਬਾਨੀਆਂ ਨਾਲ ਅਜ਼ਾਦ ਕਰਵਾਏ ਦੇਸ਼ ਅੰਦਰ ਵੀ ਸਰਕਾਰਾਂ ਨੇ ਸਿੱਖਾਂ ਨੂੰ ਵੱਡੇ ਜ਼ਖ਼ਮ ਦਿੱਤੇ ਹਨ। 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ, ਜੋ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਇਸ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ।