ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

-ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਭਰਵੀਂ ਸ਼ਮੂਲੀਅਤ
-ਸ੍ਰੀ ਗੁਰੂ ਅਮਰਦਾਸ ਜੀ ਦੀ ਸੇਵਾ ਘਾਲਣਾ ਸਿੱਖਾਂ ਲਈ ਸਦੀਵੀ ਪ੍ਰੇਰਣਾ ਦਾ ਸੋਮਾ ਹੈ- ਐਡਵੋਕੇਟ ਧਾਮੀ
ਸ੍ਰੀ ਗੋਇੰਦਵਾਲ ਸਾਹਿਬ, 17 ਸਤੰਬਰ-
ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੇ ਸ਼ਤਾਬਦੀ ਸਮਾਗਮਾਂ ਤਹਿਤ ਅੱਜ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਸ੍ਰੀ ਖਡੂਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੱਕ ਪੁਰਾਤਨ ਸਿੱਖ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਤਖ਼ਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪੈਦਲ ਚੱਲ ਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪੁੱਜਾ, ਜਦਕਿ ਸਾਰੇ ਰਸਤੇ ਸੰਗਤ ਭਰਵੇਂ ਇਕੱਠ ਨੇ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਤੇ ਸਤਿਕਾਰ ਪ੍ਰਗਟ ਕੀਤਾ। ਨਗਰ ਕੀਰਤਨ ਵਿੱਚ ਨਿਹੰਗ ਸਿੰਘ ਦਲਾਂ ਨੇ ਹਾਥੀ, ਘੋੜੇ ਅਤੇ ਊਠਾਂ ਨਾਲ ਸ਼ਮੂਲੀਅਤ ਕੀਤੀ ਅਤੇ ਥਾਂ-ਥਾਂ ’ਤੇ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਕਾਲਜਾਂ ਦੀਆਂ ਬੈਂਡ ਪਾਰਟੀਆਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਬਦੀ ਜਥਿਆਂ ਵੱਲੋਂ ਸੰਗਤੀ ਰੂਪ ਵਿੱਚ ਗੁਰੂ ਜਸ ਗਾਇਨ ਕਰਕੇ ਸ਼ਰਧਾ ਪ੍ਰਗਟਾਈ ਗਈ।
ਨਗਰ ਕੀਰਤਨ ਦੀ ਅਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਖਡੂਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਏ ਗਏ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਸਹਿਜ, ਸੇਵਾ, ਸਮਰਪਣ ਅਤੇ ਦ੍ਰਿੜ੍ਹਤਾ ਵਾਲੇ ਜੀਵਨ ਦੀ ਵਡਿਆਈ ਕਰਦਿਆਂ ਆਖਿਆ ਕਿ ਤੀਸਰੇ ਪਾਤਸ਼ਾਹ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਕਈ ਸਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਨਿਰੰਤਰ ਸੇਵਾ ਕੀਤੀ ਅਤੇ ਰੋਜ਼ਾਨਾ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਜਾ ਕੇ ਬਿਆਸ ਦਰਿਆ ਤੋਂ ਪਾਣੀ ਦੀ ਗਾਗਰ ਲਿਆ ਕਿ ਇਸ਼ਨਾਨ ਦੀ ਸੇਵਾ ਕਰਦੇ ਰਹੇ। ਗੁਰੂ ਸਾਹਿਬ ਜੀ ਦੀ ਇਹ ਸੇਵਾ ਘਾਲਣਾ ਸਿੱਖ ਜਗਤ ਲਈ ਸਦੀਵੀ ਪ੍ਰੇਰਣਾ ਦਾ ਅਤਿ ਅਹਿਮ ਸੋਮਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੀ ਸੇਵਾ ਘਾਲਣਾ ਨੂੰ ਸਮਰਪਿਤ ਅੱਜ ਦਾ ਇਹ ਨਗਰ ਕੀਰਤਨ ਸੰਗਤਾਂ ਅੰਦਰ ਗੁਰੂ ਸਾਹਿਬ ਪ੍ਰਤੀ ਪ੍ਰੇਮ ਭਾਵਨਾ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦੇ ਸਮਾਗਮ ਸਾਡੇ ਸਮਿਆਂ ਅੰਦਰ ਮਨਾਉਣ ਦਾ ਮੌਕਾ ਮਿਲਣਾ ਸਾਡੀ ਖੁਸ਼ਕਿਸਮਤੀ ਅਤੇ ਸੰਗਤ ਲਈ ਇਤਿਹਾਸਕ ਤੇ ਯਾਦਗਾਰੀ ਪਲ ਹੈ।
ਨਗਰ ਕੀਰਤਨ ਵਿੱਚ ਪੁੱਜੇ ਪੰਥਕ ਆਗੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਸ. ਅਮਰਜੀਤ ਸਿੰਘ ਚਾਵਲਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਮੀਤ ਸਿੰਘ ਬੂਹ, ਸ. ਬਲਵਿੰਦਰ ਸਿੰਘ ਵੇਂਈ ਪੂੰਈ, ਸ. ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ,  ਸ. ਅਵਤਾਰ ਸਿੰਘ ਵਣਵਾਲਾ, ਸ. ਪਰਮਜੀਤ ਸਿੰਘ ਖਾਲਸਾ, ਸ. ਗੁਰਲਾਲ ਸਿੰਘ, ਓਐੱਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਘੋਲਾ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਸੁਬੇਗ ਸਿੰਘ, ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਲੱਖਾ ਸਿੰਘ ਕੋਟੇ ਵਾਲੇ, ਬਾਬਾ ਬਲਵਿੰਦਰ ਸਿੰਘ ਕੋਟੇ ਵਾਲੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਹਾਕਮ ਸਿੰਘ ਸਰਹਾਲੀ, ਬਾਬਾ ਲੱਖਾ ਸਿੰਘ ਕਿਲਾ ਗਵਾਲੀਅਰ, ਬਾਬਾ ਨਾਗਰ ਸਿੰਘ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਬਲਦੇਵ ਸਿੰਘ ਨਿਰਮਲੇ, ਬਾਬਾ ਪਰਮਾਨੰਦ ਜੰਡਿਆਲੇ ਵਾਲੇ, ਬਾਬਾ ਬਿੱਕਰ ਸਿੰਘ ਨਿਰਮਲੇ, ਬਾਬਾ ਸੁਰਜੀਤ ਸਿੰਘ ਕੈਰੋਂਵਾਲ, ਬਾਬਾ ਮੋਹਨ ਸਿੰਘ ਹਜੂਰ ਸਾਹਿਬ, ਬਾਬਾ ਨੰਦ ਸਿੰਘ ਮੁੰਡਾ, ਸਾਬਕਾ ਜਥੇਦਾਰ ਗਿ ਗੁਰਬਚਨ ਸਿੰਘ, ਬਾਬਾ ਭੀਮ ਸਿੰਘ, ਸ. ਤਰਸੇਮ ਸਿੰਘ ਮੋਰਾਂਵਾਲੀ, ਮਹੰਤ ਗਿਆਨ ਦੇਵ ਨਿਰਮਲੇ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਬਾਬਾ ਪ੍ਰਤਾਪ ਸਿੰਘ ਬਾਜਪੁਰ ਨਾਨਕਸਰ ਵਾਲੇ, ਸ. ਅਮਰਬੀਰ ਸਿੰਘ ਢੋਟ, ਸ. ਇਕਬਾਲ ਸਿੰਘ ਸੰਧੂ, ਸ. ਕੁਲਦੀਪ ਸਿੰਘ ਔਲਖ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤਜਿੰਦਰ ਸਿੰਘ ਪੱਡਾ, ਸਾਬਕਾ ਸਕੱਤਰ ਸ. ਵਰਿਆਮ ਸਿੰਘ, ਗਿਆਨੀ ਭਗਵਾਨ ਸਿੰਘ ਜੌਹਲ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ਼ਤਾਬਦੀ ਇੰਚਾਰਜ ਸ. ਸਤਨਾਮ ਸਿੰਘ ਰਿਆੜ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਸ. ਤਲਵਿੰਦਰ ਸਿੰਘ ਬੁੱਟਰ, ਮੈਨੇਜਰ ਸ. ਨਰਿੰਦਰ ਸਿੰਘ, ਸ. ਗੁਰਾ ਸਿੰਘ ਆਦਿ ਸ਼ਾਮਲ ਸਨ।

ਨਿਰੰਤਰ ਜਾਰੀ ਗੁਰਮਤਿ ਸਮਾਗਮ, ਮੁੱਖ ਸ਼ਤਾਬਦੀ ਸਮਾਗਮ ਅੱਜ 18 ਸਤੰਬਰ ਨੂੰ
ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਦੀਵਾਨ ਹਾਲ ਅੰਦਰ ਲਗਾਤਾਰ ਗੁਰਮਤਿ ਸਮਾਗਮ ਜਾਰੀ ਰਹੇ। ਵੱਖ-ਵੱਖ ਢਾਡੀ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਕਵੀ ਦਰਬਾਰ ਅੰਦਰ ਪੰਥਕ ਕਵੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਭਲਕੇ 18 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ, ਜਿਸ ਵਿੱਚ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਇਨ੍ਹਾਂ ਸਮਾਗਮਾਂ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ, ਜਿਨ੍ਹਾਂ ਵਾਸਤੇ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ’ਤੇ ਵੱਖ-ਵੱਖ ਮਹਾਪੁਰਖਾਂ, ਸੰਪਰਦਾਵਾਂ ਅਤੇ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਥਾਂ ਪੁਰ ਥਾਂ ਲੰਗਰਾਂ, ਪਾਰਕਿੰਗ, ਸਿਹਤ ਸੇਵਾਵਾਂ, ਜੋੜਾ ਘਰਾਂ ਦੇ ਪ੍ਰਬੰਧ ਕੀਤੇ ਹੋਏ ਹਨ ਅਤੇ ਇਸ ਦੇ ਨਾਲ ਹੀ ਸੰਗਤ ਦੀ ਸਹੂਲਤ ਵਾਸਤੇ ਈ-ਰਿਕਸ਼ਾ ਵੀ ਕਾਰਜਸ਼ੀਲ ਕੀਤੇ ਗਏ ਹਨ।