ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 5 ਮਈ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਜੰਮੂ ਵੱਲੋਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਅਮਲੀ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਦਾ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਸਾਡੇ ਸਮਿਆਂ ਅੰਦਰ ਆਉਣਾ ਸਾਡੀ ਖੁਸ਼ਨਸੀਬੀ ਹੈ ਅਤੇ ਇਸ ਇਤਿਹਾਸਕ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਕੌਮ ਨੂੰ ਹੀ ਪ੍ਰਚਾਰਕ ਬਣ ਕੇ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਨਾਲ ਨਾਲ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਨੂੰ ਸ਼ਲਾਘਾਯੋਗ ਕਰਾਰ ਦਿੱਤਾ।

ਇਸ ਮੌਕੇ ਜੰਮੂ ਕਸ਼ਮੀਰ ਦੇ ਸਿੱਖ ਆਗੂ ਮਹੰਤ ਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਤਰਲੋਚਨ ਸਿੰਘ ਵਜੀਰ ਜੰਮੂ ਨੇ ਵੀ ਸੰਬੋਧਨ ਕੀਤਾ ਤੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ ਜੰਮੂ ਦੇ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸਮਾਗਮ ਦੌਰਾਨ ਕੌਣ ਬਣੇਗਾ ਗੁਰਸਿੱਖ ਪਿਆਰਾ ਪ੍ਰੋਗਰਾਮ ਵਿੱਚੋਂ ਅੱਵਲ ਆਏ 50 ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 10-10 ਹਜਾਰ ਰੁਪਏ ਦੇ ਚੈੱਕ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ 2100 ਸਹਿਜਪਾਠਾਂ ਦਾ ਭੋਗ ਪਾਏ ਗਏ, ਜੋ ਵੱਖ ਵੱਖ ਸੂਬਿਆਂ ਦੇ ਗੁਰਸਿੱਖ ਪਰਿਵਾਰਾਂ ਵੱਲੋਂ ਕੀਤੇ ਗਏ ਸਨ। ਇਥੇ ਦੱਸਣਯੋਗ ਹੈ ਕਿ ਸਹਿਜਪਾਠ ਕਰਨ ਵਾਲੀਆਂ ਸੰਗਤਾਂ ਜੰਮੂ ਤੋਂ ਨਗਰ ਕੀਰਤਨ ਦੇ ਰੂਪ ਵਿਚ ਖਾਲਸਾਈ ਜਾਹੋ ਜਲਾਲ ਨਾਲ ਇਥੇ ਪੁੱਜੀਆਂ।

ਇਸ ਮੌਕੇ ਹੋਰਨਾ ਤੋਂ ਇਲਾਵਾ ਧਰਮ ਪ੍ਰਾਚਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਭਾਈ ਅਜੀਤ ਸਿੰਘ ਗੁਹਾਟੀ, ਸ. ਗੁਰਮੀਤ ਸਿੰਘ ਛੱਤੀਸਗੜ੍ਹ, ਭਾਈ ਹਰਭਿੰਦਰ ਸਿੰਘ ਪ੍ਰਚਾਰਕ, ਭਾਈ ਮੋਹਣ ਸਿੰਘ, ਭਾਈ ਮਨਜੀਤ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ।