ਗੁਰੂ ਘਰਾਂ ਅੰਦਰ ਸ਼ਾਰਟ ਸਰਕਟ ਦੀਆਂ ਘਟਨਾਵਾਂ ਰੋਕਣ ਲਈ ਪ੍ਰਬੰਧਕ ਸੁਚੇਤ ਭੂਮਿਕਾ ਨਿਭਾਉਣ

ਅੰਮ੍ਰਿਤਸਰ, 30 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਅੰਦਰ ਸਕੂਲੀ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੋ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੁੱਜੇ ਸਨ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਅਤੇ ਨੌਜੁਆਨਾਂ ਨੂੰ ਧਰਮ ਦੇ ਮੁੱਢਲੇ ਸਿਧਾਂਤਾਂ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਗੁਰਮਤਿ ਕੈਂਪਾਂ ਦੀ ਵਿਉਂਤਬੰਦੀ ਕੀਤੀ ਗਈ ਹੈ। ਇਨ੍ਹਾਂ ਕੈਂਪਾਂ ਦੌਰਾਨ ਜਿਥੇ ਬੱਚਿਆਂ ਨੂੰ ਸਿੱਖ ਫ਼ਲਸਫ਼ੇ ਨਾਲ ਜੋੜਿਆ ਜਾਵੇਗਾ, ਉਥੇ ਹੀ ਬੱਚਿਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਧਾਰਮਿਕ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਤਹਿਤ ਇਕ ਲੱਖ ਤੋਂ ਵੱਧ ਬੱਚਿਆਂ ਨੂੰ ਕੈਂਪਾਂ ਵਿਚ ਸ਼ਾਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਗੁਜਰਾਤ ਦੇ ਸ਼ਹਿਰ ਭਾਵਨਗਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਲਗਾਈ ਗਈ ਮੂਰਤੀ ਨੂੰ ਹਟਾਉਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਵਾਗਤ ਕਰਦਿਆਂ ਆਖਿਆ ਕਿ ਸਿੱਖ ਧਰਮ ਅੰਦਰ ਮੂਰਤੀ ਅਤੇ ਬੁੱਤ ਪੂਜਾ ਦਾ ਕੋਈ ਵਿਧਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਜਰਾਤ ਵਿਖੇ ਇਕ ਵਫ਼ਦ ਭੇਜਣ ਦਾ ਫੈਸਲਾ ਕੀਤਾ ਗਿਆ ਸੀ, ਪਰੰਤੂ ਪ੍ਰਬੰਧਕਾਂ ਵੱਲੋਂ ਇਸ ਤੋਂ ਪਹਿਲਾਂ ਹੀ ਮੂਰਤੀ ਹਟਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸਿੱਖ ਸਿਧਾਂਤਾਂ ਤੇ ਸਿੱਖ ਰਵਾਇਤਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ, ਤਾਂ ਜੋ ਅੱਗੇ ਤੋਂ ਅਜਿਹਾ ਨਾ ਵਾਪਰੇ। ਇਸ ਦੌਰਾਨ ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਦਰਸ਼ਨੀ ਡਿਉੜੀ ਨੂੰ ਮੁੜ ਤੋਂ ਪਹਿਲਾਂ ਦੀ ਤਰ੍ਹਾਂ ਸੁਰਜੀਤ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਇਸ ਸਬੰਧ ਵਿਚ ਵਿਰਾਸਤੀ ਕਮੇਟੀ ਦੀ ਇਕੱਤਰਤਾ ਕੀਤੀ ਗਈ ਹੈ ਅਤੇ ਜਲਦ ਦੀ ਦਰਸ਼ਨੀ ਡਿਉੜੀ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਵੇਗਾ।
ਭਾਈ ਲੌਂਗੋਵਾਲ ਨੇ ਗਰਮੀ ਦੇ ਮੌਸਮ ’ਚ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਨੁਕਸਾਨੇ ਜਾਣ ਸਬੰਧੀ ਆਖਿਆ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਰੂਪ ਵਿਚ ਆਪਣੀ ਪ੍ਰਬੰਧਕੀ ਜ਼ੁੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਪਿੰਡ ਇਕ ਗੁਰਦੁਆਰਾ ਸਾਹਿਬ ਦੀ ਮੁਹਿੰਮ ਆਰੰਭੀ ਗਈ ਸੀ, ਜਿਸ ਦਾ ਮਤਲਬ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਚੱਜੇ ਰੂਪ ਵਿਚ ਚਲਾਉਣਾ ਸੀ। ਉਨ੍ਹਾਂ ਅਪੀਲ ਕੀਤੀ ਕਿ ਸੰਗਤ ਨੂੰ ਇਕ ਪਿੰਡ ਇਕ ਗੁਰਦੁਆਰਾ ਮੁਹਿੰਮ ਨੂੰ ਅਪਨਾਉਣਾ ਚਾਹੀਦਾ ਹੈ।
ਇਸ ਮੌਕੇ ਭਾਈ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਇਕੱਤਰਤਾ ਵੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ. ਸ਼ਿੰਗਾਰਾ ਸਿੰਘ ਲੋਹੀਆ, ਮੈਂਬਰ ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਨਾਮ ਸਿੰਘ ਜੱਸਲ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਦਰਸ਼ਨ ਸਿੰਘ ਸ਼ੇਰ ਖਾਂ ਤੇ ਸ. ਬਲਵਿੰਦਰ ਸਿੰਘ ਭੰਮਾਲੰਡਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।