ਭਾਈ ਲੌਂਗੋਵਾਲ ਨੇ ਭਾਈ ਮਹਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 4 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ.) ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਸੌਂਪੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਮਹਿੰਦਰ ਸਿੰਘ ਨੂੰ ਸਿੱਖੀ ਦੀ ਚੜ੍ਹਦੀ ਕਲਾ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਿਤ ਕੀਤਾ ਅਤੇ ਅੰਤਰ ਧਰਮ ਸੰਵਾਦ ਸੰਮੇਲਨ ਵਿਚ ਵੱਖ-ਵੱਖ ਧਰਮ ਆਗੂਆਂ ਦੀ ਸ਼ਮੂਲੀਅਤ ਲਈ ਉਨ੍ਹਾਂ ਨਾਲ ਰਾਬਤਾ ਬਣਾਉਣ ਦੀ ਜ਼ੁੰਮੇਵਾਰੀ ਦਿੱਤੀ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਭਾਈ ਮਹਿੰਦਰ ਸਿੰਘ ਨਾਲ ਅੰਤਰ ਧਰਮ ਸੰਵਾਦ ਸੰਮੇਲਨ ਨੂੰ ਲੈ ਕੇ ਭਾਈ ਮਹਿੰਦਰ ਸਿੰਘ ਨਾਲ ਬੈਠਕ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਦੀ ਚਮਕ ਲਈ ਕੁਦਰਤੀ ਢੰਗ ਨਾਲ ਸੇਵਾ ਕਰਵਾਈ ਜਾਂਦੀ ਹੈ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸੰਤ ਘਾਟ ਨਜ਼ਦੀਕ ਮੂਲ ਮੰਤਰ ਅਸਥਾਨ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ। ਭਾਈ ਮਹਿੰਦਰ ਸਿੰਘ ਜੋ ਨਿਰਮਾਣ ਅਧੀਨ ਮੂਲ ਮੰਤਰ ਅਸਥਾਨ ਦੀ ਪਹਿਲੀ ਮੰਜ਼ਲ ਦੇ ਲੈਂਟਰ ਦੀ ਸੇਵਾ ’ਚ ਸ਼ਾਮਲ ਹੋਣ ਲਈ ਇਥੇ ਪੁੱਜੇ ਸਨ ਨੇ ਭਾਈ ਲੌਂਗੋਵਾਲ ਨਾਲ ਮੁਲਾਕਾਤ ਕੀਤੀ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਭਾਈ ਮਹਿੰਦਰ ਸਿੰਘ ਨੂੰ ਸ਼ਤਾਬਦੀ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਦੇਣ ਮਗਰੋਂ ਉਨ੍ਹਾਂ ਨੇ ਇਸ ਸਮਾਗਮ ਦੀ ਰੂਪ-ਰੇਖਾ ਸਬੰਧੀ ਭਾਈ ਸਾਹਿਬ ਨਾਲ ਵਿਚਾਰ-ਵਟਾਂਦਰਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਅੰਤਰ ਧਰਮ ਸੰਵਾਦ ਸੰਮੇਲਨ ਵਿਚ ਭਾਰਤ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੋਂ ਧਰਮ ਆਗੂਆਂ ਨੂੰ ਸੱਦੇ ਭੇਜੇ ਜਾਣਗੇ ਅਤੇ ਇਸ ਕਾਰਜ ਲਈ ਨਿਸ਼ਕਾਮ ਸੇਵਕ ਜਥਾ ਦੇ ਮੁਖੀ ਭਾਈ ਮਹਿੰਦਰ ਸਿੰਘ ਵਿਸ਼ੇਸ਼ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਭਾਈ ਮਹਿੰਦਰ ਸਿੰਘ ਸਿੱਖ ਧਰਮ ਦੀ ਪਛਾਣ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਫੈਲਾਉਣ ਲਈ ਨਿਰੰਤਰ ਕਾਰਜਸ਼ੀਲ ਹਨ ਅਤੇ ਉਹ ਅਕਸਰ ਹੀ ਵੱਖ-ਵੱਖ ਧਰਮਾਂ ਦੀਆਂ ਸਭਾਵਾਂ ਵਿਚ ਸਿੱਖ ਧਰਮ ਦੇ ਨੁਮਾਇੰਦੇ ਵਜੋਂ ਸ਼ਿਰਕਤ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਇਸ ਤਾਲਮੇਲ ਕਰਕੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨਾਲ ਅੰਤਰ ਧਰਮ ਸੰਵਾਦ ਸੰਮੇਲਨ ਸਬੰਧੀ ਰਾਬਤਾ ਬਣਾਉਣ ਦੀ ਜ਼ੁੰਮੇਵਾਰੀ ਦਿੱਤੀ ਗਈ ਹੈ। ਭਾਈ ਲੌਂਗੋਵਾਲ ਵੱਲੋਂ ਭਾਈ ਮਹਿੰਦਰ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।