ਅੰਮ੍ਰਿਤਸਰ 18 ਜੂਨ (         )  ਆਮ ਲੋਕਾਂ ਦਾ ਇਕੱਠ ਕਰਕੇ ਬਿਨਾਂ ਕਿਸੇ ਵਿਧੀ ਵਿਧਾਨ ਦੇ ਆਪੇ ਬਣੇ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਗੁਰਮਤਾ ਕਰਨ ਦਾ ਕੋਈ ਹੱਕ ਨਹੀਂ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ।ਉਨ੍ਹਾਂ ਕਿਹਾ ਕਿ ਆਪੇ ਬਣੇ ਜਥੇਦਾਰਾਂ ਵੱਲੋਂ ਪੇਸ਼ ਕੀਤੇ ਗਏ ਗੁਰਮਤੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਆਪੇ ਬਣੇ ਜਥੇਦਾਰਾਂ ਵੱਲੋਂ ਬੀਤੇ ਦਿਨੀਂ ਜੋ ਗੁਰਮਤਾ ਕੀਤਾ ਗਿਆ ਹੈ ਉਹ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਹੀਂ ਬਲਕਿ ਬਾਹਰ ਪੇਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਮਕਸਦ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਮ ਵਰਤਣਾ ਸਰਾਸਰ ਗਲਤ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸਿੱਖ ਪ੍ਰੰਪਰਾ, ਰਹੁ-ਰੀਤਾਂ ਤੇ ਗੁਰਮਤਿ ਦੀ ਰੌਸ਼ਨੀ ਵਿੱਚ ਸਿੱਖ ਪੰਥ ਦੇ ਮਸਲਿਆਂ ਨੂੰ ਹੱਲ ਕਰਨ ਦੇ ਪੂਰਨ ਅਧਿਕਾਰ ਹਨ।ਉਨ੍ਹਾਂ ਕਿਹਾ ਕਿ ਆਪੇ ਬਣੇ ਜਥੇਦਾਰਾਂ ਨੂੰ ਕੌਮ ਜਾਂ ਕਿਸੇ ਵੀ ਹੋਰ ਮਸਲੇ ਸਬੰਧੀ ਕੋਈ ਵੀ ਫੈਸਲਾ ਕਰਨ ਦਾ ਅਧਿਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਥ ਪ੍ਰਵਾਨਤ ਰਹਿਤ ਮਰਯਾਦਾ ਵਿੱਚ ਇਹ ਗੁਰਮਤਾ ਅੰਕਿਤ ਹੈ ਕਿ ਗੁਰਮਤਾ ਕੇਵਲ ਉਨ੍ਹਾਂ ਸਵਾਲਾਂ ‘ਤੇ ਹੀ ਹੋ ਸਕਦਾ ਹੈ ਜੋ ਸਿੱਖ ਧਰਮ ਦੇ ਮੁੱਢਲੇ ਅਸੂਲਾਂ ਦੀ ਪੁਸ਼ਟੀ ਲਈ ਹੋਣ ਮਤਲਬ ਗੁਰੂ ਸਾਹਿਬਾਨ ਜਾਂ ਗੁਰੂ ਗ੍ਰੰਥ ਸਾਹਿਬ ਦੀ ਪਦਵੀ, ਬੀੜ ਦੀ ਨਿਰੋਲਤਾ, ਅੰਮ੍ਰਿਤ, ਰਹਿਤ-ਬਹਿਤ, ਪੰਥ ਦੀ ਬਣਾਵਟ ਆਦਿ ਨੂੰ ਕਾਇਮ ਰੱਖਣ ਲਈ।ਉਨ੍ਹਾਂ ਕਿਹਾ ਕਿ ਗੁਰਮਤਾ ਗੁਰੂ ਪੰਥ ਦਾ ਚੁਣਿਆ ਹੋਇਆ ਸ਼੍ਰੋਮਣੀ ਜਥਾ ਜਾਂ ਗੁਰੂ ਪੰਥ ਦਾ ਪ੍ਰਤੀਨਿਧ ਇਕੱਠ ਹੀ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸੰਗਤਾਂ ਦੇ ਫੈਸਲਿਆਂ ਦੀ ਅਪੀਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋ ਸਕਦੀ ਹੈ।ਉਨ੍ਹਾਂ ਕਿਹਾ ਆਪੇ ਬਣੇ ਜਥੇਦਾਰਾਂ ਨੇ ਬਿਨਾਂ ਕਿਸੇ ਨਿਯਮ ਤਹਿਤ ਗੁਰਮਤਾ ਪੇਸ਼ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹੁੰਚਾਈ ਹੈ।ਉਨ੍ਹਾਂ ਕਿਹਾ ਕਿ ਸਿੱਖ ਪੰਥ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਉਪਰੰਤ ਉਸ ਬਾਬਤ ਫੈਸਲਾ ਦੇਣ ਦਾ ਅਧਿਕਾਰ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹੀ ਹੈ।