ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸ. ਸੰਤੋਖ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 29 ਅਕਤੂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਮੈਨੇਜਰ ਤੇ ਸ. ਰਾਜਿੰਦਰ ਸਿੰਘ ਰੂਬੀ ਐਡੀਸ਼ਨਲ ਮੈਨੇਜਰ ਨੇ ਪਬਲੀਸਿਟੀ ਵਿਭਾਗ ਸ਼੍ਰੋਮਣੀ ਕਮੇਟੀ ਦੇ ਇੰਚਾਰਜ ਸ. ਹਰਭਜਨ ਸਿੰਘ ਵਕਤਾ ਅਤੇ ਸਾਬਕਾ ਐਂਕਰ ਦੂਰਦਰਸ਼ਨ ਤੇ ਸਾਬਕਾ ਡਾਇਰੈਕਟਰ ਪੰਜਾਬ ਐਗਰੋ ਪ੍ਰਿੰਸੀਪਲ ਹਰਜਿੰਦਰ ਸਿੰਘ ਰੰਧਾਵਾ ਦੇ ਸਤਿਕਾਰਯੋਗ ਪਿਤਾ ਸ. ਸੰਤੋਖ ਸਿੰਘ (੭੫) ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ। ਸ. ਸੰਤੋਖ ਸਿੰਘ ਬਿਜਲੀ ਬੋਰਡ ਤੋਂ ਜੇ.ਈ. ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਪਿੰਡ ਬੰਬ ਦੇ ਸਾਬਕਾ ਸਰਪੰਚ ਵੀ ਰਹਿ ਚੁੱਕੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਅੱਜ ਉਨ੍ਹਾਂ ਆਪਣੇ ਗ੍ਰਹਿ ਪਿੰਡ ਬੰਬ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ. ਸੰਤੋਖ ਸਿੰਘ ਇਕ ਸਿੱਖੀ ਭਾਵਨਾ ਵਾਲੇ ਭਲੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਸੰਸਾਰਕ ਰਿਸ਼ਤਿਆਂ ਵਿਚ ਪਿਤਾ ਆਪਣੇ ਪਰਿਵਾਰ ਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਹੱਡ-ਭੰਨਵੀਂ ਮਿਹਨਤ ਕਰਕੇ ਲੋੜਾਂ ਪੂਰੀਆਂ ਕਰਦਾ ਹੈ। ਪਿਤਾ ਦਾ ਸਾਇਆ ਸਿਰ ਤੋਂ ਉੱਠ ਜਾਣ ਨਾਲ ਬਿਨਾਂ ਸ਼ੱਕ ਮਨ ਦੁਖੀ ਹੁੰਦਾ ਹੈ ਪਰੰਤੂ ਅਕਾਲ ਪੁਰਖ ਦਾ ਭਾਣਾ ਅਟੱਲ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਮੇਰੀ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਹ ਸ. ਸੰਤੋਖ ਸਿੰਘ ਨੂੰ ਆਪਣੇ ਚਰਨੀਂ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।