ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਤ੍ਰੈ-ਸ਼ਤਾਬਦੀ ਖਾਲਸਾ ਕਾਲਜ ਵਿਖੇ ਕਰਵਾਇਆ ਅਰਦਾਸ ਦਿਵਸ ਸਮਾਗਮ

ਅੰਮ੍ਰਿਤਸਰ, 30 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤ੍ਰੈ-ਸ਼ਤਾਬਦੀ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ਼ ਸ੍ਰੀ ਅੰਮ੍ਰਿਤਸਰ ਵਿਖੇ ਦਸਵੇਂ ਪਾਤਸ਼ਾਹ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਕਾਲਜ਼ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਮ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ ਗਾਇਨ ਤੇ ਕਵੀਸ਼ਰੀ ਉਚਾਰਨ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਲਾਸਾਨੀ ਕੁਰਬਾਨੀ ਨੂੰ ਨਿਵੇਕਲੇ ਢੰਗ ਨਾਲ ਪੇਸ਼ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਦੱਬੇ ਕੁਚਲੇ ਮਜ਼ਲੂਮ ਲੋਕਾਂ ਅੰਦਰ ਜ਼ੁਲਮ ਖਿਲਾਫ ਡਟਣ ਦੀ ਅਜਿਹੀ ਹਿੰਮਤ ਭਰੀ ਕਿ ਮੁਗ਼ਲੀਆ ਹਕੂਮਤ ਦਾ ਤਖਤਾ ਇਸ ਦੇਸ਼ ਵਿਚੋਂ ਹਮੇਸ਼ਾ ਲਈ ਪੁੱਟਿਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸੰਨ ੧੬੯੯ ਵਿਚ ਖਾਲਸਾ ਸਜਾ ਕੇ ਦੇਸ਼ ਦੇ ਲੋਕਾਂ ਨੂੰ ਅਣਖ, ਗ਼ੈਰਤ, ਨਿਡਰਤਾ ਤੇ ਇੱਜ਼ਤ ਨਾਲ ਜਿਉਣ ਦਾ ਮਾਰਗ ਦਿਖਾਇਆ ਅਤੇ ਆਪਣੇ ਧਰਮ ਦੀ ਰੱਖਿਆ ਲਈ ਜ਼ੁਲਮ ਵਿਰੁੱਧ ਖੜ੍ਹੇ ਹੋਣ ਦੀ ਜਾਚ ਸਿਖਾਈ। ਪ੍ਰੋ: ਬਡੂੰਗਰ ਨੇ ਕਿਹਾ ਕਿ ਦਸਮ ਪਾਤਸ਼ਾਹ ਨੇ ਖਾਲਸਾ ਪੰਥ ਅਤੇ ਦੇਸ਼ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ, ਜਿਸ ਵਰਗੀ ਮਿਸਾਲ ਦੁਨੀਆਂ ਦੇ ਕਿਸੇ ਇਤਿਹਾਸ ਅੰਦਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਖਾਲਸਾ ਪੰਥ ਨੂੰ ਸੰਕਟ ਦੀ ਘੜੀ ਵਿਚ ਵੀ ਚੜ੍ਹਦੀ ਕਲਾ ਨਾਲ ਰਹਿਣਾ ਸਿਖਾਇਆ। ਉਨ੍ਹਾਂ ਕਿਹਾ ਕਿ ਦਸਮ ਪਿਤਾ ਦੇ ਹੁਕਮ ਅਨੁਸਾਰ ਸਮੂਹ ਸਿੱਖਾਂ ਨੂੰ ਅਧਿਆਤਮਕ ਤੇ ਸਮਾਜਕ ਵਿਕਾਸ ਲਈ ਧਰਮ ਵਿਚ ਪ੍ਰਪੱਕ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਜੀਵਨ ਦਾ ਮਾਰਗ ਦਰਸ਼ਕ ਬਣਾਉਣਾ ਚਾਹੀਦਾ ਹੈ ਅਤੇ ਗੁਰੂ ਵਾਲੇ ਬਣ ਕੇ ਇਸ ਸਮਾਜ ਨੂੰ ਮਨੁੱਖੀ ਕਦਰਾਂ-ਕੀਮਤਾਂ ਪੱਖੋਂ ਉੱਨਤ ਬਣਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਇਸ ਸਮੇਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕਾਲਜ ਦੀ ਵੈੱਬਸਾਈਟ ਅਤੇ ਮਾਤਾ ਸਾਹਿਬ ਕੌਰ ਦੇ ਨਾਮ ‘ਤੇ ਬਣਾਈ ਜਾਣ ਵਾਲੀ ਨਵੀਂ ਪਾਰਕ ਦਾ ਉਦਘਾਟਨ ਵੀ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਪੁੱਜੀਆਂ ਸਮੂਹ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਸ. ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਸ. ਰਾਜਿੰਦਰ ਸਿੰਘ ਰੂਬੀ ਐਡੀਸ਼ਨਲ ਮੈਨੇਜਰ, ਪ੍ਰਿੰਸੀਪਲ ਡਾ. ਗਗਨਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਮਨਿੰਦਰਮੋਹਨ ਸਿੰਘ, ਕਾਲਜ ਦਾ ਸਟਾਫ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।