ਅੰਮ੍ਰਿਤਸਰ, 27 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਿਸ਼ੇਸ਼ ਤੌਰ ’ਤੇ ਜਥੇ ਨਾਲ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 282 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 224 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪੈ੍ਰੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਅੰਤਰ ਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲ ਕਰਨਗੇ। ਉਨ੍ਹਾਂ ਆਖਿਆ ਕਿ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਅਸਥਾਨ ਹੋਣ ਕਰਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਨਗਰ ਕੀਰਤਨ ਦੀ ਆਰੰਭਤਾ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਹੋਵੇ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕਰਦੇ ਹਨ, ਪਾਕਿਸਤਾਨ ਦੂਤਾਵਾਸ ਨੂੰ ਉਨ੍ਹਾਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ। ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਵਾਰ 58 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਨਾ ਹੋਣ ਕਾਰਨ ਉਹ ਜਥੇ ਵਿਚ ਸ਼ਾਮਲ ਨਹੀਂ ਹੋ ਸਕੇ। ਅਜਿਹਾ ਹੋਣ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਚਾਹਵਾਨ ਸ਼ਰਧਾਲੂਆਂ ਦੇ ਵੀਜ਼ੇ ਯਕੀਨੀ ਬਣਾਉਣ। ਡਾ. ਰੂਪ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 2 ਸੈੱਟ ਚੰਦੋਆ ਸਾਹਿਬ, 6 ਚੌਰ ਸਾਹਿਬ, 23 ਨਿਸ਼ਾਨ ਸਾਹਿਬ ਚੋਲੇ ਤੋਂ ਇਲਾਵਾ ਰੁਮਾਲਾ ਸਾਹਿਬ, ਕਕਾਰ, ਸਿਰੋਪਾਓ ਲਿਜਾ ਰਹੇ ਹਨ।
ਇਸੇ ਦੌਰਾਨ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਉਹ ਖੁਸ਼ਨਸੀਬ ਹਨ ਕਿ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਮਹਾਰਾਜਾ ਰਣਜੀਤ ਸਿੰਘ ਬਰਸੀ ਸਮਾਗਮਾਂ ਤੋਂ ਇਲਾਵਾ ਜਥੇ ਵਿਚ ਸ਼ਾਮਲ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਨਾ ਸ਼ੇਖੂਪੁਰਾ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਜਥੇ ਦੀ ਵਾਪਸੀ 6 ਜੁਲਾਈ ਨੂੰ ਹੋਵੇਗੀ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਥਾ ਰਵਾਨਾ ਕਰਨ ਸਮੇਂ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿਦਰ ਸਿੰਘ ਕੈਰੋਂਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਯਾਤਰਾ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਕਰਨਜੀਤ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਹੋਰ ਹਾਜ਼ਰ ਸਨ।