ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕੀਤੀ ਬੈਠਕ

ਅੰਮ੍ਰਿਤਸਰ, 29 ਜੂਨ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨੇ ਮੁਲਾਕਾਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਇਸ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ, ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਸ. ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਮਰਜੀਤ ਸਿੰਘ ਬੰਡਾਲਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੋਂ ਇਲਾਵਾ ਸ. ਭਗਵੰਤਪਾਲ ਸਿੰਘ ਸੱਚਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਵੀ ਮੌਜੂਦ ਸਨ।

ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੇ ਵਿਸ਼ਵ ਦੇ ਸਰਬਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਦੀ ਪਾਲਣਾ ਕਰਦਿਆਂ ਇਹ ਇਤਿਹਾਸਕ ਦਿਹਾੜਾ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਯਤਨ ਆਰੰਭੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੀ ਜ਼ੁੰਮੇਵਾਰੀ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ ਅਤੇ ਸਾਰੀਆਂ ਧਿਰਾਂ ਇਕਜੁਟਤਾ ਨਾਲ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਯੋਗਦਾਨ ਪਾਉਣਗੀਆਂ। ਉਨ੍ਹਾਂ ਆਖਿਆ ਕਿ ਇਸ ਮੌਕੇ ’ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣਗੀਆਂ, ਜਿਨ੍ਹਾਂ ਦੀ ਰਿਹਾਇਸ਼, ਲੰਗਰ, ਪਾਰਕਿੰਗ ਆਦਿ ਦੇ ਪ੍ਰਬੰਧਾਂ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਮੁੱਢਲੇ ਤੌਰ ’ਤੇ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਇਕੱਤਰਤਾਵਾਂ ਜਾਰੀ ਰਹਿਣਗੀਆਂ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਸਾਰੇ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕੌਮੀ ਇਕਜੁਟਤਾ ਨਾਲ ਹੀ ਹੋਣਗੇ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਤੇਜਿੰਦਰ ਸਿੰਘ ਪੱਡਾ, ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਪੀ.ਏ., ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।