-ਕਰੋਨਾਵਾਇਰਸ ਪੀੜਤਾਂ ਨੂੰ ਅਲਹਿਦਗੀ ’ਚ ਰੱਖਣ ਲਈ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਕੀਤੀਆਂ ਤਿਆਰ
-ਹਾਲਾਤ ਦੇ ਮੱਦੇਨਜ਼ਰ ਲੋੜਵੰਦਾਂ ਲਈ ਲੰਗਰ ਦਾ ਕੀਤਾ ਗਿਆ ਪ੍ਰਬੰਧ

ਅੰਮ੍ਰਿਤਸਰ, 24 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਪਿਛਲੇ ਦਿਨਾਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਦਰਸ਼ਨਾਂ ਲਈ ਗਏ ਪੰਜਾਬ ਦੇ ਸ਼ਰਧਾਲੂਆਂ ਨੂੰ ਸੁਰੱਖਿਅਤ ਘਰੋ-ਘਰੀ ਪਹੁੰਚਾਉਣ ਦੇ ਪ੍ਰਬੰਧ ਕਰਨ। ਇਸ ਦੇ ਨਾਲ ਉਨ੍ਹਾਂ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜੇ ਕੁਝ ਸਮਾਂ ਉਥੇ ਹੀ ਟਿਕੇ ਰਹਿਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਪੱਤਰ ਵਿਚ ਕੋਰੋਨਾ ਵਾਇਰਸ ਕਾਰਨ ਦੇਸ਼ ਵਿਆਪੀ ਕਰਫਿਊ ਦੇ ਹਾਲਾਤਾਂ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜਾਬ ਦੀਆਂ ਸੰਗਤਾਂ ਨੂੰ ਸੁਰੱਖਿਅਤ ਘਰ ਵਾਪਸੀ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਕਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਦਾ ਟਾਕਰਾ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਸਰਕਾਰ ਨੂੰ ਹਰੇਕ ਪ੍ਰਕਾਰ ਦਾ ਸਹਿਯੋਗ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਿਆਂ ਦੀਆਂ ਆਧੁਨਿਕ ਸਰਾਵਾਂ ਨੂੰ ਕਰੋਨਾ ਵਾਇਰਸ ਦੇ ਪੀੜਤ ਅਲਹਿਦਗੀ ਵਿਚ ਰੱਖਣ ਲਈ ਵਰਤਣ ਵਾਸਤੇ ਪੰਜਾਬ ਦੇ ਸਿਹਤ ਵਿਭਾਗ ਨੂੰ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦੀਆਂ ਸਰਾਵਾਂ ਕੋਰੋਨਾ ਪੀੜਤਾਂ ਨੂੰ ਵੱਖਰਾ ਰੱਖਣ ਲਈ ਪ੍ਰਬੰਧਕੀ ਆਦੇਸ਼ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੈਨੇਟਾਈਜ਼ਰ, ਮਾਸਿਕ ਹਰ ਵੇਲੇ ਉਪਲਬਧ ਕਰਵਾਉਣ ਅਤੇ ਲੰਗਰ ਦੀ ਵਿਵਸਥਾ ਨੂੰ ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਪੈਦਾ ਹੋਏ ਹਾਲਾਤਾਂ ਵਿਚ ਲੋੜਵੰਦਾਂ ਲਈ ਯਕੀਨੀ ਬਣਾਉਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਰਫਿਊ ਵਾਲੇ ਹਾਲਾਤਾਂ ‘ਚ ਡਿਊਟੀ ਕਰਨ ਵਾਲਿਆਂ ਦੇ ਨਾਲ ਨਾਲ ਲੋੜਵੰਦ ਲੋਕਾਂ ਨੂੰ ਲੰਗਰ ਪਹੁੰਚਾਉਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਮੇਤ ਵੱਖ-ਵੱਖ ਥਾਵਾ ‘ਤੇ ਲੰਗਰ ਲਈ ਵਿਸ਼ੇਸ਼ ਗੱਡੀਆਂ ਵੀ ਲਗਾਈਆਂ ਗਈਆਂ ਹਨ। ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿਚ ਯਕੀਨ ਦੁਆਇਆ ਹੈ ਕਿ ਮਨੁੱਖਤਾ ਨੂੰ ਦਰਪੇਸ਼ ਬਿਪਤਾ ਦੀ ਘੜੀ ਵਿਚ ਗੁਰੂ ਦੀ ਗੋਲਕ ਨੂੰ ਗਰੀਬਾਂ, ਲੋੜਵੰਦਾਂ ਲਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਕਿਸੇ ਪੱਖੋਂ ਪਿੱਛੇ ਨਹੀਂ ਰਹੇਗੀ ਅਤੇ ਮਨੁੱਖੀ ਭਲਾਈ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।