ਅੰਮ੍ਰਿਤਸਰ, ੩੦ ਮਾਰਚ- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਲੋਕ ਭਲਾਈ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜਵੰਦਾਂ ਨੂੰ ਲੰਗਰ ਆਦਿ ਪਹੁੰਚਾਉਣ ਲਈ ਜੋਨ ਪੱਧਰ ਦੇ ਨਿਗਰਾਨਾਂ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਨਾਲ ਨਾਲ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ ਕੀਤੀ ਜਾ ਰਹੀ ਲੰਗਰ ਸੇਵਾ ਨੂੰ ਹੋਰ ਵਿਧੀਵਤ ਢੰਗ ਨਾਲ ਚਲਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ। ਇਸ ਸਬੰਧੀ ਨਿਗਰਾਨ ਲਗਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਝਾ ਜੋਨ ਦੀ ਨਿਗਰਾਨੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਕਰਨਗੇ। ਇਨ੍ਹਾਂ ਨਾਲ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਦੁਆਬਾ ਜੋਨ ਦੀ ਜ਼ਿੰਮੇਵਾਰੀ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੂੰ ਦਿੱਤੀ ਗਈ ਹੈ, ਜਿਨ੍ਹਾਂ ਨਾਲ ਸ. ਸੁਖਮਿੰਦਰ ਸਿੰਘ ਵਧੀਕ ਸਕੱਤਰ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਮਾਲਵਾ ਜੋਨ ਦੇ ਕਾਰਜਾਂ ਦੀ ਦੇਖ-ਰੇਖ ਉਹ ਖੁਦ ਕਰਨਗੇ। ਇਥੇ ਸ. ਸੁਖਵਿੰਦਰ ਸਿੰਘ ਗਰੇਵਾਲ ਮੀਤ ਸਕੱਤਰ ਤੇ ਸ. ਦਰਸ਼ਨ ਸਿੰਘ ਪੀਏ ਗੁਰਦੁਆਰਾ ਸਾਹਾਬਾਨ ਦੇ ਮੈਨੇਜਰਾਂ ਨਾਲ ਸੰਪਰਕ ਵਿਚ ਰਹਿਣਗੇ। ਇਸ ਦੇ ਨਾਲ ਹੀ ਹਰਿਆਣਾ ਸੂਬੇ ਲਈ ਅੰਤਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ ਤੇ ਸ. ਜਗਸੀਰ ਸਿੰਘ ਮਾਂਗੇਆਣਾ ਦੇ ਨਾਲ ਉਪ ਦਫਤਰ ਦੇ ਇੰਚਾਰਜ ਸ. ਪਰਮਜੀਤ ਸਿੰਘ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਇਕੱਤਰਤਾ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਿੰਦਰ ਸਿੰਘ ਧਾਮੀ, ਡਾ. ਰੂਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾਂ, ਸ. ਪ੍ਰਤਾਪ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮਲਕੀਤ ਸਿੰਘ ਬਹਿੜਵਾਲ, ਸ. ਦਰਸ਼ਨ ਸਿੰਘ ਆਦਿ ਮੌਜੂਦ ਸਨ।