ਅਹੁਦੇਦਾਰ ਤੇ ਅਧਿਕਾਰੀ ਹਰ ਗੁਰਦੁਆਰਾ ਸਾਹਿਬਾਨ ਨਾਲ ਰੱਖਣਗੇ ਤਾਲਮੇਲ-ਭਾਈ ਲੌਂਗੋਵਾਲ
ਅੰਮ੍ਰਿਤਸਰ, 31 ਮਾਰਚ – ਵਿਸ਼ਵ ਮਹਾਂਮਾਰੀ ਕੋਰੋਨਾਵਾਇਰਸ ਕਾਰਨ ਬਣੇ ਸੰਕਟਮਈ ਹਾਲਾਤਾਂ ਸਮੇਂ ਲੋੜਵੰਦਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਹੁਣ ਜੋਨ ਪੱਧਰ ’ਤੇ ਅੱਗੇ ਵਧਾਇਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਖ-ਵੱਖ ਜੋਨਾਂ ਲਈ ਅਹੁਦੇਦਾਰਾਂ ਤੇ ਅਧਿਕਾਰੀਆਂ ਨੂੰ ਤਾਲਮੇਲ ਲਈ ਤਾਇਨਾਤ ਕੀਤਾ ਹੈ। ਲੋੜਵੰਦਾਂ ਲਈ ਚੱਲ ਰਹੀਆਂ ਲੰਗਰ ਸੇਵਾਵਾਂ ਦਾ ਜਾਇਜ਼ਾ ਲੈਣ ਇਥੇ ਮੁੱਖ ਦਫ਼ਤਰ ਪੁੱਜੇ ਭਾਈ ਲੌਂਗੋਵਾਲ ਨੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਸਮੁੱਚੇ ਮੁਲਾਜ਼ਮਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੇਵਾਦਾਰਾਂ ਨੂੰ ਸੇਵਾ ਸਮੇਂ ਸਾਵਧਾਨੀ ਵਰਤਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਜਾਣ।
ਇਸ ਸਬੰਧ ਵਿਚ ਭਾਈ ਲੌਂਗੋਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੰਗਰ ਸੇਵਾਵਾਂ ਲਈ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਤੋਂ ਇਲਾਵਾ ਹਰਿਆਣਾ ਵਿਚ ਵੀ ਜੋਨ ਸਥਾਪਤ ਕੀਤਾ ਹੈ। ਇਨ੍ਹਾਂ ਜੋਨਾਂ ਲਈ ਅਹੁਦੇਦਾਰਾਂ ਤੇ ਅਧਿਕਾਰੀਆਂ ਨੂੰ ਜ਼ੁੰਮੇਵਾਰੀ ਦਿੱਤੀ ਗਈ ਹੈ, ਤਾਂ ਜੋ ਹਰ ਖੇਤਰ ਦੇ ਲੋੜਵੰਦਾਂ ਤੱਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਮਾਝਾ ਜੋਨ ਲਈ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਦੇਖ-ਰੇਖ ਕਰਨਗੇ। ਦੁਆਬਾ ਜੋਨ ਲਈ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਐਡੀਸ਼ਨਲ ਸਕੱਤਰ ਸ. ਸੁਖਮਿੰਦਰ ਸਿੰਘ ਨੂੰ ਜ਼ੁੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਲਵਾ ਜੋਨ ਦੀ ਨਿਗਰਾਨੀ ਉਹ (ਭਾਈ ਲੌਂਗੋਵਾਲ) ਖੁਦ ਕਰਨਗੇ ਅਤੇ ਇਸ ਖੇਤਰ ਦੇ ਗੁਰਦੁਆਰਾ ਸਾਹਿਬਾਨ ਨਾਲ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸੁਖਵਿੰਦਰ ਸਿੰਘ ਗਰੇਵਾਲ ਮੀਤ ਸਕੱਤਰ ਤੇ ਸ. ਦਰਸ਼ਨ ਸਿੰਘ ਪੀ.ਏ. ਤਾਲਮੇਲ ਰੱਖਣਗੇ। ਇਸ ਤੋਂ ਇਲਾਵਾ ਹਰਿਆਣਾ ਲਈ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਸ. ਜਗਸੀਰ ਸਿੰਘ ਮਾਂਗੇਆਣਾ ਤੇ ਸ. ਪਰਮਜੀਤ ਸਿੰਘ ਇੰਚਾਰਜ ਉਪ ਦਫ਼ਤਰ ਕੁਰੂਕੇਸ਼ਤਰ ਨੂੰ ਲਗਾਇਆ ਗਿਆ ਹੈ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਲੰਗਰ ਸੇਵਾ ਲਈ ਸਮਰੱਥਾ ਅਨੁਸਾਰ ਹਿੱਸਾ ਪਾਉਣ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਵੈ-ਇੱਛਾ ਅਤੇ ਸਮਰੱਥਾ ਅਨੁਸਾਰ ਲੰਗਰ ਸੇਵਾਵਾਂ ਲਈ ਵਿੱਤੀ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਬਚਨ ਸਿੰਘ ਲੇਹਲ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਤਿੰਦਰ ਸਿੰਘ, ਸ. ਨਿਸ਼ਾਨ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਮਨਜਿੰਦਰ ਸਿੰਘ ਮੰਡ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਦਰਸ਼ਨ ਸਿੰਘ ਪੀ.ਏ. ਅਤੇ ਹੋਰ ਅਧਿਕਾਰੀ ਮੌਜੂਦ ਸਨ।