ਅੰਮ੍ਰਿਤਸਰ, 31 ਮਾਰਚ – ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੀ ਲੰਗਰ ਸੇਵਾ ਅੱਜ ਵੀ ਨਿਰੰਤਰ ਜਾਰੀ ਰਹੀ। ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਤੋਂ ਤਿਆਰ ਕੀਤਾ ਲੰਗਰ ਲੋੜਵੰਦਾਂ ਤੱਕ ਪਹੁੰਚਾਉਣ ਲਈ ਸੇਵਾਦਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਵਾਨਾ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਲੱਖਾਂ ਲੋੜਵੰਦਾਂ ਨੂੰ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਤੋਂ ਇਹ ਸੇਵਾ ਜਾਰੀ ਹੈ। ਇਕੱਲੇ ਅੰਮ੍ਰਿਤਸਰ ਵਿਖ ਹੀ 50 ਹਜ਼ਾਰ ਤੋਂ ਵੱਧ ਲੋੜਵੰਦਾਂ ਨੂੰ ਰੋਜ਼ਾਨਾ ਲੰਗਰ ਛਕਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਗੱਡੀਆਂ ਰਾਹੀਂ ਲੰਗਰ ਲੈ ਕੇ ਲੋੜਵੰਦਾਂ ਤੱਕ ਪਹੁੰਚ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਕੜੇ ਦੀ ਗੱਲ ਕਰੀਏ ਤਾਂ ਇਹ ਬਹੁਤ ਵੱਡਾ ਹੈ। ਕਈ ਲੱਖ ਲੋਕ ਲੋੜਵੰਦ ਹਨ ਅਤੇ ਸ਼੍ਰੋਮਣੀ ਕਮੇਟੀ ਯਤਨ ਕਰ ਰਹੀ ਹੈ ਕਿ ਵੱਧ ਤੋਂ ਵੱਧ ਲੋੜਵੰਦਾਂ ਤੱਕ ਲੰਗਰ ਲਿਜਾਇਆ ਜਾਵੇ। ਇਸ ਲਈ ਅਧਿਕਾਰੀ ਜਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ।
ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਮਹਿੰਦਰ ਸਿੰਘ ਆਹਲੀ, ਸ. ਮਨਜਿੰਦਰ ਸਿੰਘ ਮੰਡ ਆਦਿ ਮੌਜੂਦ ਸਨ।