੨੭ ਜਨਵਰੀ ੨੦੨੧ ’ਚ ਹੋਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਅੱਲਾਦੀਨਪੁਰ ਵਾਸੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, ੨੧ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ। ਇਹ ਸਮਾਗਮ ੨੭ ਜਨਵਰੀ ੨੦੨੧ ਨੂੰ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਲੜੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਅੱਲਾਦੀਨਪੁਰ ਦੀਆਂ ਸੰਗਤਾਂ ਨਾਲ ਵੀਚਾਰ ਵਟਾਂਦਰਾਂ ਕਰਨ ਲਈ ਇਕੱਤਰਤਾ ਕੀਤੀ ਗਈ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਪ੍ਰਚਾਰਕਾਂ ਤੇ ਢਾਡੀ ਕਵੀਸ਼ਰ ਜਥਿਆਂ ਨੇ ਸ਼ਮੂਲੀਅਤ ਕੀਤੀ। ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਇਨ੍ਹਾਂ ਦੋ ਮਹਾਨ ਸ਼ਹੀਦਾਂ ਦੀ ਯਾਦ ਵਿਚ ੨੭ ਜਨਵਰੀ ੨੦੨੧ ਵਿਚ ਪਿੰਡ ਅੱਲਾਦੀਨਪੁਰ (ਤਰਨ ਤਾਰਨ) ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਆਸ-ਪਾਸ ਦੇ ਨਗਰਾਂ ਵਿਚ ਧਰਮ ਪ੍ਰਚਾਰ ਕਰਨ ਲਈ ਢਾਡੀ, ਕਵੀਸ਼ਰ ਅਤੇ ਪ੍ਰਚਾਰਕਾਂ ਵੱਲੋਂ ਦੀਵਾਨ ਕੀਤੇ ਜਾਣਗੇ। ਇਸ ਸਬੰਧ ਵਿਚ ਨਗਰ ਵਾਸੀਆਂ ਨਾਲ ਇਕੱਤਰਤਾ ਕਰਕੇ ਰੂਪ-ਰੇਖਾ ਉਲੀਕੀ ਗਈ ਹੈ। ਕੀਤੇ ਜਾਣ ਵਾਲੇ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਪੰਥ ਪ੍ਰਸਿੱਧ ਕਥਾਵਾਚਕ ਹਾਜ਼ਰੀ ਭਰਨਗੇ, ਜਦਕਿ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹਿਣਗੀਆਂ। ਸਮਾਗਮ ਸਬੰਧੀ ਹੋਈ ਇਕੱਤਰਤਾ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਪ੍ਰਚਾਰਕ ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ, ਭਾਈ ਗੁਰਵਿੰਦਰ ਸਿੰਘ ਕੋਹਾੜਕਾ, ਭਾਈ ਗੁਰਬਚਨ ਸਿੰਘ ਕਲਸੀਆਂ, ਕਵੀਸ਼ਰ ਭਾਈ ਦੀਦਾਰ ਸਿੰਘ, ਭਾਈ ਲਖਵਿੰਦਰ ਸਿੰਘ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੀਤ ਮੈਨੇਜਰ ਸ. ਧਰਮਿੰਦਰ ਸਿੰਘ, ਭਾਈ ਪ੍ਰੇਮ ਸਿੰਘ, ਭਾਈ ਭਾਗ ਸਿੰਘ ਅੱਲਾਦੀਨਪੁਰ ਆਦਿ ਮੌਜੂਦ ਸਨ।