ਸ਼ਹੀਦੀ ਪੰਦਰਵਾੜੇ ਦੌਰਾਨ ਲੰਗਰਾਂ ’ਚ ਨਹੀਂ ਬਣਨਗੇ ਮਿੱਠੇ ਪਦਾਰਥ-ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ
 
ਅੰਮ੍ਰਿਤਸਰ, 10 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਇਥੇ ਸਥਿਤ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੀ ਸਹਿਯੋਗੀ ਰਹੀ ਹੈ ਅਤੇ ਭਵਿੱਖ ਵਿਚ ਵੀ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ। ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਜਾਰਕਾਰੀ ਦਿੰਦਿਆਂ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 21 ਤੋਂ 30 ਦਸੰਬਰ ਤੱਕ ਸਾਦੇ ਲੰਗਰ ਚਲਾਏ ਜਾਣਗੇ। ਇਸ ਦੌਰਾਨ ਹਰ ਗੁਰਦੁਆਰੇ ਅੰਦਰ ਲੰਗਰਾਂ ਵਿਚ ਮਿੱਠੇ ਪਦਾਰਥ ਨਹੀਂ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜਾ ਸਿੱਖਾਂ ਲਈ ਬੇਹੱਦ ਭਾਵੁਕਤਾ ਵਾਲਾ ਹੈ ਅਤੇ ਇਨ੍ਹਾਂ ਦਿਹਾੜਿਆਂ ਦੇ ਇਤਿਹਾਸ ਦੀ ਭਾਵਨਾ ’ਤੇ ਅਮਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਨੂੰ ਯਾਦ ਕਰਦਿਆਂ ਜਾਪ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਮਿਊਜੀਅਮ ਜੋ ਉਸਾਰੀ ਅਧੀਨ ਹੈ, ਨੂੰ ਜਲਦ ਮੁਕੰਮਲ ਕਰਕੇ ਸੰਗਤ ਅਰਪਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ ਹਵੇਲੀ ਦੀ ਸੰਭਾਲ ਲਈ ਇਕ ਕਮੇਟੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹਵੇਲੀ ਨੂੰ ਲੈ ਕੇ ਹਾਈਕੋਰਟ ਵਿਚ ਚੱਲ ਰਹੇ ਕੇਸ ਦੇ ਨਿਪਟਾਰੇ ਲਈ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਇਸ ਨੂੰ ਹੂਬਹੂ ਸੰਭਾਲਣ ਲਈ ਅੱਗੇ ਵਧਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੀ ਵਿਰਾਸਤ ਨੂੰ ਸੰਭਾਲ ਕੇ ਆਉਣ ਵਾਲੀਆਂ ਪੀੜੀਆਂ ਲਈ ਸੁਰੱਖਿਅਤ ਕਰਨਾ ਬੇਹੱਦ ਲਾਜ਼ਮੀ ਹੈ, ਜਿਸ ਲਈ ਉਚੇਚੇ ਯਤਨ ਅਤੇ ਵਿਉਂਤਬੰਦੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੰਘਰਸ਼ੀ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਵੀ ਵਚਨਬੱਧਤਾ ਪ੍ਰਗਟਾਉਂਦਿਆਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਕੇਸ ਸਬੰਧੀ ਵਕੀਲਾਂ ਦੀ ਫੀਸ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਕਾਰ ਨੇ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ। ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ ਨਾਲ ਸਬੰਧਤ ਬਣਨ ਵਾਲੀਆਂ ਹਰ ਤਰ੍ਹਾਂ ਦੀਆਂ ਸਬ-ਕਮੇਟੀਆਂ ਬਣਾਉਣ ਦੇ ਅਧਿਕਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਹੋਰ ਅਦਾਰਿਆਂ ਦੇ ਮਾਮਲਿਆਂ ਦਾ ਸਰਲੀਕਰਨ ਵੀ ਕੀਤਾ ਗਿਆ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਹਾਜ਼ਰ ਸਨ।