ਅੰਮ੍ਰਿਤਸਰ, 14 ਮਾਰਚ-
ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਸਮਾਗਮ ਦੌਰਾਨ ਗਿਆਨੀ ਜਸਵੰਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਬਸਰ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਵੀ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ। 
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਦਰਸ਼ਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।