ਅੰਮ੍ਰਿਤਸਰ, 13 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਿਸਥਾਨ) ਨੂੰ ਦੋ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਭੇਟ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਹ ਸਹਾਇਤਾ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ। ਜਾਣਕਾਰੀ ਦਿੰਦਿਆਂ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ ਜਿਲ੍ਹਾ ਹਨੂੰਮਾਨਗੜ੍ਹ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਕਾਰਜਾਂ ਲਈ ਸਹਾਇਤਾ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਲੱਖ ਰੁਪਏ ਦੀ ਸਹਾਇਤਾ ਪ੍ਰਵਾਨ ਹੋਈ ਸੀ। ਉਨ੍ਹਾਂ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪਹੁੰਚੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਉਕਤ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ ਦੇ ਪ੍ਰਧਾਨ ਸ. ਮੇਹਰ ਸਿੰਘ, ਸਕੱਤਰ ਸ. ਰਾਜਿੰਦਰ ਸਿੰਘ, ਸ. ਸੁਰਿੰਦਰ ਸਿੰਘ, ਸ. ਗੁਰਜੰਟ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਹਾਇਕ ਸੁਪ੍ਰਿਟੈਂਡੈਂਟ ਸ. ਗੁਰਪ੍ਰੀਤ ਸਿੰਘ ਹਾਜ਼ਰ ਸਨ।