ਅੰਮ੍ਰਿਤਸਰ, 21 ਮਈ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥਕ ਸਫਾਂ ਵਿਚ ਵੱਡਾ ਘਾਟਾ ਕਰਾਰ ਦਿੱਤਾ। ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਤੋਤਾ ਸਿੰਘ ਪੰਥ ਨੂੰ ਸਮਰਪਿਤ ਆਗੂ ਸਨ, ਜਿਨ੍ਹਾਂ ਨੇ ਹਰ ਸਾਹ ਨਾਲ ਪੰਥ ਦੀ ਭਲਾਈ ਨੂੰ ਲੋਚਿਆ। ਅਜਿਹੇ ਪੰਥਕ ਤੇ ਟਕਾਸਲੀ ਅਕਾਲੀ ਆਗੂ ਦਾ ਸੰਸਾਰ ਤੋਂ ਤੁਰ ਜਾਣਾ ਇਕ ਖਲਾਅ ਵਾਂਗ ਮੰਨਿਆ ਜਾਵੇਗਾ, ਜਿਸ ਨੂੰ ਭਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਜਿੰਮੇਵਾਰੀ ਨਾਲ ਸੇਵਾ ਨਿਭਾਉਂਦਿਆ ਹਮੇਸ਼ਾਂ ਹੀ ਆਪਣੀ ਵਡਮੁੱਲੀ ਸਲਾਹ ਦੁਆਰਾ ਸਿੱਖ ਸੰਸਥਾ ਦੀ ਬੇਹਤਰ ਕਾਰਗੁਜ਼ਾਰੀ ਲਈ ਪ੍ਰੇਰਿਆ। ਉਨ੍ਹਾ ਨੇ ਸਿੱਖ ਧਰਮ ਇਤਿਹਾਸ ਦੀਆਂ ਸ਼ਤਾਬਦੀਆਂ ਮੌਕੇ ਵੀ ਪ੍ਰਬੰਧਕੀ ਯੋਜਨਾਵਾਂ ਉਲੀਕਣ ਵਿਚ ਮੋਹਰੀ ਰੋਲ ਅਦਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕੌਮ ਦੀ ਨੌਜਵਾਨ ਲੀਡਰਸ਼ਿਪ ਨੂੰ ਉਨ੍ਹਾਂ ਦੇ ਜੀਵਨ ਅਤੇ ਪੰਥਕ ਭਾਵਨਾ ਤੋਂ ਅਗਵਾਈ ਲੈਣ ਲਈ ਪ੍ਰੇਰਿਆ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਉਚ ਅਹੁਦੇਦਾਰਾਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।