ਅੰਮ੍ਰਿਤਸਰ, 22 ਮਈ-
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਮੌਕੇ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਕਈ ਸਾਕੇ ਵਾਪਰੇ ਜਿਨ੍ਹਾਂ ਵਿਚ ਸਿੱਖਾਂ ਦੀਆਂ ਅਣਗਿਣਤ ਸ਼ਹੀਦੀਆਂ ਹੋਈਆਂ। ਉਸ ਸਮੇਂ ਅੰਗਰੇਜ਼ਾਂ ਦਾ ਰਾਜ ਸੀ ਅਤੇ ਸਿੱਖਾਂ ਨੇ ਉਸ ਜ਼ੁਲਮ ਨੂੰ ਹੱਸ ਕੇ ਜਰਿਆ, ਪਰੰਤੂ ਜਿਹੜੇ ਸਾਕੇ ਅਜ਼ਾਦ ਭਾਰਤ ਵਿਚ ਵਾਪਰੇ ਉਨ੍ਹਾਂ ਦਾ ਦਰਦ ਸਿੱਖ ਕਦੀ ਵੀ ਭੁਲਾ ਨਹੀਂ ਸਕਦੇ। ਅਜਿਹਾ ਹੀ ਦੁੱਖਦ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰਿਆਂ ਜਿਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ। ਉਨ੍ਹਾਂ ਆਖਿਆ ਕਿ ਪਾਵਨ ਗੁਰ ਅਸਥਾਨ ਨੂੰ ਅਜ਼ਾਦ ਕਰਵਾਉਣ ਲਈ ਤਰਨਾ ਦਲ ਹਰੀਆਂ ਵੇਲਾਂ ਨਾਲ ਸਬੰਧਤ ਸਿੰਘਾਂ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾਂ ਯਾਦ ਰੱਖੇਗੀ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਦੇ ਕਬਜ਼ੇ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਵਿਚ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੀ ਗੰਭੀਰ ਜ਼ਖਮੀ ਹੋਏ ਸਨ ਜਿਨ੍ਹਾਂ ਨੂੰ ਪੰਥ ਨੇ ਜਿੰਦਾ ਸ਼ਹੀਦਾ ਦਾ ਖਿਤਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣਾ ਸਾਡੀ ਜੁੰਮੇਵਾਰੀ ਹੈ, ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਹ ਆਪਣਾ ਵਜੂਦ ਖਤਮ ਕਰ ਲੈਂਦੀਆਂ ਹਨ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸਾਕੇ ਸਮੇਂ ਵਾਪਰੀਆਂ ਘਟਨਾਵਾਂ ਨੂੰ ਸਾਂਝਾ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਕੀਤੇ ਜਾਂਦੇ ਸਮਾਗਮ ਲਈ ਧੰਨਵਾਦ ਕੀਤਾ ਅਤੇ ਸਿੱਖ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਪੰਥਕ ਹਿੱਤਾਂ ਲਈ ਇਕੱਠੇ ਹੋ ਕੇ ਕਾਰਜ ਕਰਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਕਰਤਾਰਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਨੌਰੰਗ ਸਿੰਘ, ਬੀਬੀ ਜਸਪਾਲ ਕੌਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।