ਸ਼੍ਰੋਮਣੀ ਕਮੇਟੀ ਹਰ ਹਲਕੇ ਵਿਚ ਕਰੇਗੀ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ- ਐਡਵੋਕੇਟ ਧਾਮੀ
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵੱਲੋਂ 40 ਪਿੰਡਾਂ ਵਿਚ ਗੁਰਮਤਿ ਕੈਂਪਾਂ ਰਾਹੀਂ ਬੱਚਿਆਂ ਨੂੰ ਦਿੱਤੀ ਸਿੱਖ ਇਤਿਹਾਸ ਦੀ ਜਾਣਕਾਰੀ
ਅੰਮ੍ਰਿਤਸਰ, 27 ਜੂਨ-
ਗੁਰੂ ਕੇ ਬਾਗ ਦੇ ਮੋਰਚੇ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਪੱਧਰ ਤੱਕ ਪਹੁੰਚ ਕਰੇਗੀ ਅਤੇ ਹਰ ਹਲਕੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਤ ਕੀਤਾ ਜਾਵੇਗਾ। ਇਸ ਨੂੰ ਲੈ ਕੇ ਮਾਝਾ, ਮਾਲਵਾ ਅਤੇ ਦੁਆਬਾ ਜੋਨਾਂ ਵਿਚ ਪ੍ਰਚਾਰਕ ਜਥਿਆਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ, ਜੋ ਹਰ ਪਿੰਡ, ਸ਼ਹਿਰ ਤੇ ਨਗਰ ਦੇ ਗੁਰੂ ਘਰਾਂ ਅੰਦਰ ਸਿੱਖੀ ਪ੍ਰਚਾਰ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਇਤਿਹਾਸਕ ਨਗਰ ਮਾਦੋਕੇ ਬਰਾੜ ਵਿਖੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ’ਚ ਇਕ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਦੇ 40 ਪਿੰਡਾਂ ਅੰਦਰ ਗੁਰਮਤਿ ਕੈਂਪ ਲਗਾਉਣ ਮਗਰੋਂ ਕਰਵਾਇਆ ਗਿਆ ਸੀ। ਸਮਾਗਮ ਮੌਕੇ ਬੋਲਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੇ ਪੰਜਾਬ ਅੰਦਰ ਬੱਚਿਆਂ ਦੇ ਗੁਰਮਤਿ ਕੈਂਪਾਂ ਦਾ ਆਯੋਜਨ ਕਰ ਚੁੱਕੀ ਹੈ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਤਹਿਤ ਵਿਸ਼ਾਲ ਗੁਰਮਤਿ ਸਮਾਗਮ ਹੋਣਗੇ, ਜਿਨ੍ਹਾਂ ਤੋਂ ਪਹਿਲਾਂ ਹਲਕਾ ਪੱਧਰ ’ਤੇ ਗੁਰੂ ਘਰਾਂ ਅੰਦਰ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਆਖਿਆ ਕਿ ਇਨ੍ਹਾਂ ਦੀਵਾਨਾਂ ਦੌਰਾਨ ਹੀ ਪਿੰਡਾਂ ਦੇ ਗੁਰਦੁਆਰਿਆਂ ਵਿਚ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਦੀ ਮੁੱਢਲੀ ਜਾਣਕਾਰੀ ਦੇਣ ਲਈ ਵੀ ਪ੍ਰਬੰਧ ਕੀਤੇ ਜਾਣਗੇ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੀਤ ਕੌਰ, ਸ. ਰਣਬੀਰ ਸਿੰਘ ਲੋਪੋਕੇ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਗੁਰਦੁਆਰਾ ਸਾਹਿਬ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਹੋਏ ਅੰਮ੍ਰਿਤ ਸੰਚਾਰ ਸਮੇਂ 200 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਦੱਸਣਯੋਗ ਹੈ ਕਿ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਮਾਦੋਕੇ ਬਰਾੜ ਵਿਖੇ ਕੀਤੇ ਗਏ ਇਸ ਵਿਸ਼ਾਲ ਗੁਰਮਤਿ ਸਮਾਗਮ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਕਮੇਟੀ ਹਲਕਾ ਚੋਗਾਵਾਂ ਦੇ ਵੱਖ-ਵੱਖ 40 ਪਿੰਡਾਂ ਵਿਚ 11 ਜੂਨ ਤੋਂ 27 ਜੂਨ ਤੱਕ ਗੁਰਮਤਿ ਕੈਂਪ ਲਗਾਏ ਗਏ ਸਨ, ਜਿਸ ਵਿਚ ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਦੇ ਨਾਲ-ਨਾਲ ਗੁਰਬਾਣੀ ਕੀਰਤਨ ਦੀ ਸਿਖਿਆ ਅਤੇ ਸੁੰਦਰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਗਈ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ਼, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਸੁੱਖਾ ਸਿੰਘ, ਬਾਬਾ ਰਘਬੀਰ ਸਿੰਘ, ਸ. ਹਰਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਗੁਰੂਸਰ ਬਰਾੜ, ਪ੍ਰੋ. ਕੁਲਰਾਜ ਸਿੰਘ, ਸ. ਨਿਰਵੈਲ ਸਿੰਘ ਹੈੱਡ ਗ੍ਰੰਥੀ, ਸ. ਪ੍ਰਗਟ ਸਿੰਘ ਸਰਪੰਚ, ਸ. ਸਵਿੰਦਰ ਸਿੰਘ ਆਦਿ ਹਾਜ਼ਰ ਸਨ।