ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 22 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਜ਼ੁੰਮੇਵਾਰੀ ਗੁਰਦੁਆਰਾ ਪ੍ਰਬੰਧਾਂ ਵਿਚ ਸਹਿਯੋਗ ਕਰਨ ਦੇ ਨਾਲ-ਨਾਲ ਆਪਣੇ ਹਲਕੇ ਅੰਦਰ ਸਿੱਖੀ ਪ੍ਰਚਾਰ ਕਰਨਾ ਹੁੰਦਾ ਹੈ, ਜਿਸ ਨੂੰ ਬੀਬੀ ਰਣਜੀਤ ਕੌਰ ਮਾਹਿਲਪੁਰ ਨੇ ਤਨਦੇਹੀ ਨਾਲ ਨਿਭਾਇਆ। ਉਨ੍ਹਾਂ ਵੱਲੋਂ ਹਲਕੇ ਅੰਦਰ ਵੱਡੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕੀਤੇ ਗਏ। ਐਡਵੋਕੇਟ ਧਾਮੀ ਨੇ ਬੀਬੀ ਮਾਹਿਲਪੁਰ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਪਰਿਵਾਰ ਦੇ ਨਾਲ-ਨਾਲ ਪੰਥਕ ਘਾਟਾ ਕਰਾਰ ਦਿੱਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਹੋਰ ਅਹੁਦੇਦਾਰਾਂ ਨੇ ਵੀ ਬੀਬੀ ਰਣਜੀਤ ਕੌਰ ਮਾਹਿਲਪੁਰ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੀਬੀ ਰਣਜੀਤ ਕੌਰ ਮਾਹਿਲਪੁਰ ਨਮਿਤ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾਜਲੀ ਭੇਟ ਕੀਤੀ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮ ਵੀ ਹਾਜ਼ਰ ਸਨ।