ਅੰਮ੍ਰਿਤਸਰ, 30 ਅਕਤੂਬਰ-
ਜਗਨਨਾਥ ਪੁਰੀ ਮੰਦਰ ਪ੍ਰਸ਼ਾਸਨ ਦੇ ਚੇਅਰਮੈਨ ਅਤੇ ਪੁਰੀ ਦੇ ਰਾਜੇ ਸ੍ਰੀ ਦਿਬਿਆਸਿੰਘਾ ਦੇਬ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਉਨ੍ਹਾਂ ਨੇ ਇਥੇ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੂਚਨਾ ਅਧਿਕਾਰੀ ਸ. ਹਰਿੰਦਰ ਸਿੰਘ ਪਾਸੋਂ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਪ੍ਰਸ਼ਾਦਾ ਵੀ ਛਕਿਆ। ਉਨ੍ਹਾਂ ਆਪਣੇ ਅਨੁਭਵ ਸਾਂਝੇ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਸੁਭਾਗਸ਼ਾਲੀ ਮਹਿਸੂਸ ਕਰ ਰਹੇ ਹਨ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਦਿਬਿਆਸਿੰਘਾ ਦੇਬ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ ਤੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦੇ ਕੇਂਦਰ ਹਨ ਅਤੇ ਇਥੇ ਸਮੇਂ-ਸਮੇਂ ਦੇਸ਼ ਦੁਨੀਆਂ ਦੀਆਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਇਸ ਮੌਕੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਅਤੇ ਸ. ਜਸਕਰਨ ਸਿੰਘ ਵੀ ਮੌਜੂਦ ਸਨ।