ਅੰਮ੍ਰਿਤਸਰ, ੨੧ ਨਵੰਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੈਨੇਜਰ ਸ. ਸੁਖਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ। ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤੇ ਜਾਂਦੇ ਹਨ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ, ਸੰਪ੍ਰਦਾਵਾਂ, ਸਭਾ ਸੁਸਾਇਟੀਆਂ ਦੇ ਨਾਲ-ਨਾਲ ਸੰਗਤਾਂ ਦਾ ਵੱਡਾ ਸਹਿਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ’ਤੇ ਸਨਮਾਨ ਕੀਤਾ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਅੱਗੋਂ ਵੀ ਪ੍ਰਬੰਧਾਂ ਲਈ ਸਹਿਯੋਗ ਦੀ ਆਸ ਪ੍ਰਗਟਾਈ।
ਇਸ ਮੌਕੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਬਾਬਾ ਨਾਜਰ ਸਿੰਘ, ਬਾਬਾ ਬਲਬੀਰ ਸਿੰਘ ਭਗਤਾ ਭਾਈ ਕਾ, ਬਾਬਾ ਧਰਮਿੰਦਰ ਸਿੰਘ, ਸ. ਸੁਰਿੰਦਰ ਸਿੰਘ ਅਚਲ ਸਾਹਿਬ, ਸ. ਪਰਮਜੀਤ ਸਿੰਘ ਕੁਹਾਲੀ, ਸ. ਸੂਬਾ ਸਿੰਘ, ਸ. ਸੁਰਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ, ਐਸਬੀਆਈ ਬੈਂਕ ਦੇ ਮੈਨੇਜਰ ਸ. ਨਰਿੰਦਰ ਸਿੰਘ, ਸ. ਮਨਪ੍ਰੀਤ ਸਿੰਘ ਐਕਸਿਸ ਬੈਂਕ, ਸ. ਸਰਬਜੀਤ ਸਿੰਘ ਪੰਜਾਬ ਐਂਡ ਸਿੰਧ ਬੈਂਕ, ਸ. ਹਰਿੰਦਰ ਸਿੰਘ ਐਚਡੀਐਫਸੀ, ਸ੍ਰੀ ਸਤੀਸ਼ ਕਠਿਆਲ ਕੈਨਰਾ ਬੈਂਕ, ਸ. ਕਾਬਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।