ਨਗਰ ਕੀਰਤਨ ਤੇ ਹੋਰ ਸਮਾਗਮਾਂ ਸਬੰਧੀ ਕੀਤੀਆਂ ਅਹਿਮ ਵਿਚਾਰਾਂ

ਅੰਮ੍ਰਿਤਸਰ 20 ਅਪ੍ਰੈਲ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 17, 18 ਤੇ 19 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਮੋਹਲੀ ਗੱਢਣ ਦਾ 350 ਸਾਲਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਜੂਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ), 8 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, 12 ਜੂਨ ਨੂੰ ਸਿੱਖ ਮਿਸ਼ਨ ਜੰਮੂ, 14 ਜੂਨ ਨੂੰ ਦਿੱਲੀ ਅਤੇ 15 ਜੂਨ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਇਤਿਹਾਸਕ ਨਗਰ ਕੀਰਤਨ ਆਯੋਜਿਤ ਕੀਤੇ ਜਾਣਗੇ ਜੋ ਅਗਲੇ ਦਿਨ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ।

ਆਯੋਜਿਤ ਕੀਤੇ ਜਾਣ ਵਾਲੇ ਨਗਰ ਕੀਰਤਨਾਂ ਦੇ ਠਹਿਰਾਓ, ਸਥਾਪਨਾ ਦਿਵਸ ਨੂੰ ਸਮਰਪਿਤ ਕਬੱਡੀ, ਹਾਕੀ ਤੇ ਯੁੱਧ ਕਲਾ ਦੇ ਪ੍ਰਤੀਕ ਗੱਤਕਾ ਖੇਡਾਂ ਕਰਵਾਏ ਜਾਣ ਸਬੰਧੀ ਅਹਿਮ ਵਿਚਾਰਾਂ ਕਰਨ ਲਈ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਇਕੱਤਰਤਾ ਘਰ ਵਿੱਚ ਸ. ਰਜਿੰਦਰ ਸਿੰਘ ਮਹਿਤਾ, ਸ. ਦਿਆਲ ਸਿੰਘ ਕੋਲਿਆਂਵਾਲੀ ਤੇ ਸ. ਗੁਰਬਚਨ ਸਿੰਘ ਕਰਮੂੰਵਾਲ ਅੰਤ੍ਰਿੰਗ ਮੈਂਬਰ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਜ਼ਰੂਰੀ ਇਕੱਤਰਤਾ ਹੋਈ।ਇਕੱਤਰਤਾ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਇਕੱਤਰਤਾ ਵਿੱਚ ਲਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਨਾ ਦਿਵਸ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਤੋਂ ਪੰਜ ਇਤਿਹਾਸਕ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੀਕ ਆਯੋਜਿਤ ਕੀਤੇ ਜਾਣਗੇ ਜਿਨ੍ਹਾਂ ਦੇ ਰੂਟ ਅਤੇ ਠਹਿਰਾਓ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ।ਇਸ ਦੇ ਨਾਲ ਉਨ੍ਹਾਂ ਦੱਸਿਆ ਕਿ 17 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਖਡੂਰ ਸਾਹਿਬ ਅਕੈਡਮੀ, ਪੰਜਾਬ ਪੁਲਿਸ ਅਤੇ ਪੰਜਾਬ ਐਂਡ ਸਿੰਧ ਬੈਂਕ ਦੀਆਂ ਟੀਮਾਂ ਦਰਮਿਆਨ ਸ਼ੋਅ ਮੈਚ ਕਰਵਾਏ ਜਾਣਗੇ।ਪਹਿਲੇ ਤੇ ਦੂਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਸਨਮਾਨ ਚਿੰਨ੍ਹ ਤੇ ਇਨਾਮ ਦਿੱਤੇ ਜਾਣਗੇ। ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਇਸੇ ਦਿਨ ਰਾਤ ਨੂੰ ਯੁੱਧ ਕਲਾ ਦੇ ਪ੍ਰਤੀਕ ਗੱਤਕੇ ਦਾ ਤਰਨਤਾਰਨ ਅਤੇ ਗੱਤਕਾ ਫੈਡਰੇਸ਼ਨ ਦਰਮਿਆਨ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ। ਇਨ੍ਹਾਂ ਗੱਤਕਾ ਟੀਮਾਂ ਨੂੰ ਵੀ ਸਨਮਾਨ ਚਿੰਨ੍ਹ ਤੇ ਨਗਦ ਇਨਾਮ ਦਿੱਤੇ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ 18 ਜੂਨ ਨੂੰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਆਂਢੀ ਸੂਬਾ ਹਰਿਆਣਾ ਦੀਆਂ ਟੀਮਾਂ ਦਰਮਿਆਨ ਰੁਮਾਚਿਕ ਸ਼ੋਅ ਮੈਚ ਹੋਵੇਗਾ ਤੇ ਇਨ੍ਹਾਂ ਦੋਵਾਂ ਟੀਮਾਂ ਨੂੰ ਵੀ ਸਨਮਾਨ ਚਿੰਨ੍ਹ ਤੋਂ ਇਲਾਵਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰਾਂ ਅਤੇ ਸਕੱਤਰ ਸਾਹਿਬਾਨ ਨੇ ਇਕ ਸੁਰ ਹੋ ਕੇ ਸਥਾਪਨਾ ਦਿਵਸ ਸਬੰਧੀ ਵਿਚਾਰਾਂ ਕਰਦਿਆਂ ਫੈਸਲੇ ਲਏ ਹਨ।ਉਨ੍ਹਾਂ ਕਿਹਾ ਕਿ ਹਰੇਕ ਮਾਮਲੇ ਨੂੰ ਪੂਰੀ ਗਹਿਰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ।ਸਥਾਪਨਾ ਦਿਹਾੜੇ ਸਮੇਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇ ਪੁੱਜਣ ਦੀ ਸੰਭਾਵਨਾ ਹੈ।ਗਰਮੀ ਦੇ ਮੌਸਮ ਨਂੂੰ ਮੁੱਖ ਰੱਖਦਿਆਂ ਵਿਸ਼ੇਸ਼ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਹੋਈ ਹੈ ਤੇ ਸੰਗਤਾਂ ਦੀ ਹਰ ਸਹੂਲਤ ਦਾ ਖਿਆਲ ਵੀ ਰੱਖਿਆ  ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਦਾ ਸਹਿਯੋਗ ਵੀ ਪ੍ਰਾਪਤ ਕੀਤਾ ਜਾਵੇਗਾ।

ਇਸ ਮੌਕੇ ਸ. ਅਮਰਜੀਤ ਸਿੰਘ ਚਾਵਲਾ ਤੇ ਸ. ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਦਲਮੇਘ ਸਿੰਘ, ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਜਗੀਰ ਸਿੰਘ, ਸ. ਜਗਜੀਤ ਸਿੰਘ, ਸ. ਸਕੱਤਰ ਸਿੰਘ, ਸ. ਜਸਵਿੰਦਰ ਸਿੰਘ ਤੇ ਸ. ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ, ਸ. ਹਰਜੀਤ ਸਿੰਘ ਲਾਲੂ ਘੁੰਮਣ ਇੰਚਾਰਜ ਖਰੀਦਾ, ਸ. ਸਤਨਾਮ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ-੮੫, ਸ. ਜਗਪਾਲ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਲਖਵਿੰਦਰ ਸਿੰਘ ਮੀਤ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਗਰਨਾ ਸਾਹਿਬ ਬੋਦਲ, ਸ. ਗੁਰਸੇਵਕ ਸਿੰਘ ਮੈਨੇਜਰ ਗੁਰਦੁਆਰਾ ਟਾਹਲੀਆਣਾ ਰਾਏਕੋਟ, ਸ. ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪੰਜੌਖਰਾ ਸਾਹਿਬ ਤੇ ਸ. ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੂਰਕਸ਼ੇਤਰ ਆਦਿ ਹਾਜ਼ਰ ਸਨ।