ਅੰਮ੍ਰਿਤਸਰ : 20 ਅਪ੍ਰੈਲ  (      ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੌ ਹਰਿਮੰਦਰ ਸਾਹਿਬ ਦੇ ਰਹਿ ਚੁੱਕੇ ਅਰਦਾਸੀਏ ਭਾਈ ਹਰਪਾਲ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਥੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਈ ਹਰਪਾਲ ਸਿੰਘ ਨੇ ਬਹੁਤ ਲੰਮਾ ਸਮਾਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਏ ਸਿੰਘ ਵਜੋਂ 21 ਸਾਲ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਉਹ ਮਨੁੱਖ ਵਡਭਾਗੇ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ ਰਾਮਦਾਸ ਦੇ ਚਰਨਾਂ ਵਿੱਚ ਸੇਵਾ ਨਿਭਾਉਣ ਦਾ ਅਵਸਰ ਪ੍ਰਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਈ ਹਰਪਾਲ ਸਿੰਘ ਗੁਰੂ ਘਰ ਦੇ ਅਨਿਨ ਸੇਵਕ ਸਨ ਤੇ ਉਨ੍ਹਾਂ ਨੇ ਗੁਰੂ ਘਰ ਨਾਲ ਲਾਈ ਪ੍ਰੀਤ ਅੰਤਿਮ ਸਵਾਸਾਂ ਸੰਗ ਨਿਭਾਈ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਚਾਨਕ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਨਾਲ ਪੰਥ ਅਤੇ ਪ੍ਰੀਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਅਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਅਰਦਾਸ ਹੈ ਕਿ ਸਤਿਗੁਰੂ ਪਾਤਸ਼ਾਹ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।