ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੫ (ਅੰਗ: ੮੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

4 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਰਾਹਤ ਸਮੱਗਰੀ ਭੇਜ ਕੇ ਪਾਇਆ ਹਿੱਸਾ
ਅੰਮ੍ਰਿਤਸਰ, 27 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਭਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਸ਼ਾਲੋਕ ਸਿੰਘ ਅਤੇ ਸਕੱਤਰ ਸ. ਰਾਜਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਇਹ ਸਿਰਮੌਰ ਸੰਸਥਾ ਹਰ ਔਖੇ ਸਮੇਂ ’ਤੇ ਮਾਨਵਤਾ ਦੇ ਨਾਲ ਖੜ੍ਹਦੀ ਹੈ। ਇਸੇ ਨੂੰ ਵੇਖਦਿਆਂ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਸਹਿਯੋਗ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਲਈ ਦਿੱਤੀ ਗਈ ਰਾਸ਼ੀ ਤੋਂ ਇਲਾਵਾ 17 ਟਨ ਦੇ ਕਰੀਬ ਰਸਦਾਂ ਲੋੜਵੰਦਾਂ ਤੱਕ ਭੇਜੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੁਝਾਅ ਅਨੁਸਾਰ ਇਹ ਰਸਦਾਂ ਸਿੱਧੇ ਤੌਰ ’ਤੇ ਪ੍ਰਭਾਵਤ ਇਲਾਕਿਆਂ ਵਿਚ ਭੇਜ ਦਿੱਤੀਆਂ ਗਈਆਂ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਲਵਰ ਦੀਆਂ ਸੰਗਤਾਂ ਤੋਂ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੇ ਕੁਦਰਤੀ ਆਫ਼ਤਾਂ ਸਮੇਂ ਮਾਨਵਤਾ ਨੂੰ ਪਹਿਲ ਦੇ ਅਧਾਰ ’ਤੇ ਸੇਵਾਵਾਂ ਦਿੱਤੀਆਂ ਹਨ। ਮੌਜੂਦਾ ਸਮੇਂ ਹੜਾਂ ਦੀ ਸਥਿਤੀ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪਹਿਲੇ ਦਿਨ ਤੋਂ ਸ਼੍ਰੋਮਣੀ ਕਮੇਟੀ ਲੋਕਾਂ ਦੀ ਮੱਦਦ ਲਈ ਰਾਹਤ ਕਾਰਜ ਕਰ ਰਹੀ ਹੈ। ਇਸ ਵਿਚ ਸੰਗਤਾਂ ਭਰਵਾਂ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਰਾਜਸਥਾਨ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਸਹਿਯੋਗੀ ਬਣਨ ਲਈ ਐਡਵੋਕੇਟ ਧਾਮੀ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ ਨੇ ਹੜ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਵੀ ਅਪੀਲ ਕੀਤੀ। ਇਸ ਮੌਕੇ ਪੁੱਜੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਦਿੱਲੀ ਕਮੇਟੀ ਦੇ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ, ਸ. ਪ੍ਰਭਜੋਤ ਸਿੰਘ ਗੁਲਾਟੀ, ਸ. ਭੋਈ ਸਿੰਘ, ਸ. ਅਮਰਜੀਤ ਸਿੰਘ, ਸ. ਮਨਮੋਹਣ ਸਿੰਘ, ਸ. ਸ਼ਾਲੋਕ ਸਿੰਘ, ਸ. ਰਾਜਿੰਦਰ ਸਿੰਘ, ਸ. ਹਰਚਰਨ ਸਿੰਘ, ਸ. ਰਘੂਜੀਤ ਸਿੰਘ, ਸ. ਸੁਪ੍ਰੀਤ ਸਿੰਘ, ਸ. ਹਰਵਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਗੁਰਨਾਮ ਸਿੰਘ ਆਦਿ ਮੌਜੂਦ ਸਨ।