ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਸ਼ੁੱਕਰਵਾਰ, ੩੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੩ ਜੂਨ, ੨੦੨੫ (ਅੰਗ: ੬੮੨)

25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਹੈ ਅਵਾਜ਼
ਅੰਮ੍ਰਿਤਸਰ, 22 ਅਪ੍ਰੈਲ-
ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 27 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਗਵਰਨਰ ਪੰਜਾਬ ਦੇ ਸਪੁਰਦ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਪਾਸ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚਾਰ ਮੈਂਬਰੀ ਵਫ਼ਦ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸ਼ਾਮਲ ਹੋਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ ਹੀ ਸਵੇਰੇ 7 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਇਕੱਠ ਕਰਕੇ ਅਰਦਾਸ ਕੀਤੀ ਜਾਵੇਗੀ। ਇਸ ਪੰਥਕ ਇਕੱਠ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਹੋਣਗੇ।