ਗਿਆਨੀ ਹਰਪ੍ਰੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 29 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਦੌਰ ਵਿਖੇ ਅੰਮ੍ਰਿਤ ਵੇਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਦੇ ਸ਼ਮੂਲੀਅਤ ਕੀਤੀ। ਗੁਰਦੁਆਰਾ ਖ਼ਾਲਸਾ ਬਾਗ ਇੰਦੌਰ ਵਿਖੇ ਕਰਵਾਏ ਗਏ ਇਸ ਗੁਰਮਤਿ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ। ਇਸ ਦਾ ਕੌਮ ਅੰਦਰ ਵੱਡਾ ਸਤਕਾਰ ਹੈ ਅਤੇ ਹਮੇਸ਼ਾਂ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਪਰੰਤੂ ਕੁਝ ਲੋਕਾਂ ਵੱਲੋਂ ਸਿੰਧੀ ਤੇ ਸਿੱਖ ਸਮਾਜ ਵਿਚ ਵੱਖਰੇਵੇਂ ਪੈਦਾ ਕਰਨ ਦੇ ਯਤਨ ਕੀਤੇ ਗਏ, ਜਿਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਰਾਰਤੀ ਲੋਕਾਂ ਦੀਆਂ ਸਮਾਜ ਨੂੰ ਵੰਡਣ ਵਾਲੀਆਂ ਚਾਲਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਨੂੰ ਸਿੱਖ ਧਰਮ ਨਾਲ ਜੋੜੀ ਰੱਖਣ ਲਈ ਅਜਿਹੇ ਸਮਾਗਮ ਕਰਵਾਉਂਦੀ ਰਹੇਗੀ। ਸਮਾਗਮ ਵਿਚ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ (ਰਿੰਕੂ ਵੀਰ) ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚਲਣ ਦੀ ਅਪੀਲ ਕੀਤੀ। ਸਮਾਗਮ ਵਿਚ ਸਿੰਧੀ ਸਮਾਜ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਟੇਜ ਦੀ ਸੇਵਾ ਭਾਈ ਤੇਜਿੰਦਰਪਾਲ ਸਿੰਘ ਨਿਭਾਈ। ਸਮਾਗਮ ਸਮੇਂ ਬਾਬਾ ਘੋਲਾ ਸਿੰਘ ਕਾਰਸੇਵਾ ਸਰਹਾਲੀ ਸਾਹਿਬ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ. ਮਨਜੀਤ ਸਿੰਘ ਭਾਟੀਆ, ਮੱਧ ਪ੍ਰਦੇਸ਼ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ. ਹਰਪਾਲ ਸਿੰਘ, ਸ. ਬਲਵਿੰਦਰ ਸਿੰਘ ਟਿੰਮਾ, ਸ੍ਰੀ ਨਰੇਸ਼ ਮਾਖੀਜਾ ਆਦਿ ਹਾਜ਼ਰ ਸਨ।