ਗੁਰੂ ਘਰ ਦੀ ਸੇਵਾ ਨਿਭਾਉਣ ਲਈ ਸਮਰਪਣ ਅਤੇ ਪੰਥਕ ਭਾਵਨਾ ਬੇਹੱਦ ਜ਼ਰੂਰੀ-ਐਡਵੋਕੇਟ ਧਾਮੀ
ਅੰਮ੍ਰਿਤਸਰ, 30 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਵਿਖੇ ਚਲਾਏ ਜਾ ਰਹੇ ਗੁਰਦੁਆਰਾ ਮੈਨੇਜਮੈਂਟ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਹ ਵਿਦਿਆਰਥੀ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਮਹੀਨੇ ਦੀ ਟ੍ਰੇਨਿੰਗ ਲਈ ਆਏ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਮੈਨੇਜਮੈਂਟ ਦਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਗੁਰੂ ਘਰ ਦੀ ਸੇਵਾ ਨਿਭਾਉਣ ਲਈ ਸਮਰਪਣ ਦੇ ਨਾਲ-ਨਾਲ ਪੰਥਕ ਭਾਵਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਗੁਰੂ ਘਰਾਂ ਅੰਦਰ ਸੇਵਾ ਨਿਭਾਉਣ ਵਾਲਿਆਂ ਤੋਂ ਵੱਡੀਆਂ ਆਸਾਂ ਰੱਖਦਾ ਹੈ ਅਤੇ ਛੋਟੀ ਜਿਹੀ ਵੀ ਲਾਪ੍ਰਵਾਹੀ ਗੁਰਦੁਆਰਾ ਪ੍ਰਬੰਧਾਂ ’ਤੇ ਸਵਾਲ ਖੜ੍ਹਾ ਕਰ ਦਿੰਦੀ ਹੈ। ਇਸ ਲਈ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧਾਂ ਵਾਸਤੇ ਚੰਗਾ ਆਚਰਣ ਅਤੇ ਚੰਗੀ ਬੋਲਬਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਹਾਦਰਗੜ੍ਹ ਵਿਖੇ ਚਲਾਇਆ ਗਿਆ ਗੁਰਦੁਆਰਾ ਪ੍ਰਬੰਧਾਂ ਸਬੰਧੀ ਕੋਰਸ ਸਮੇਂ ਦੀ ਲੋੜ ਸੀ ਅਤੇ ਇਥੋਂ ਸਿੱਖਿਅਤ ਵਿਦਿਆਰਥੀਆਂ ਨੂੰ ਗੁਰਦੁਆਰਾ ਸੇਵਾਵਾਂ ਅੰਦਰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਭਵਿੱਖ ਅੰਦਰ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣਗੇ।
ਇਸ ਮੌਕੇ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਮੈਨੇਜਮੈਂਟ ਦੇ 3 ਸਾਲਾ ਕੋਰਸ 12 ਬੱਚਿਆਂ ਨੇ ਸਫਲਤਾਪੂਰਵਕ ਪੂਰਾ ਕੀਤਾ ਹੈ। ਇਸ ਦੌਰਾਨ ਸਿੱਖ ਰਹਿਤ ਮਰਯਾਦਾ, ਸਿੱਖ ਇਤਿਹਾਸ ਦੇ ਨਾਲ-ਨਾਲ ਗੁਰਦੁਆਰਾ ਪ੍ਰਬੰਧਾਂ ਲਈ ਨਿਰਧਾਰਤ ਸਿਲੇਬਸ ਅਨੁਸਾਰ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਕਰਵਾਈ ਗਈ ਹੈ। ਇਸ ਮੌਕੇ ਨਵੇਂ ਦਾਖ਼ਲਿਆਂ ਸਬੰਧੀ ਸੂਚਨਾ ਪੱਤਰ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਜੋਗਿੰਦਰ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸਿਮਰਜੀਤ ਸਿੰਘ, ਡਾਇਰੈਕਟਰ ਡਾ. ਚਮਕੌਰ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਪ੍ਰੋ. ਸਤਿੰਦਰ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।