ਅੰਮ੍ਰਿਤਸਰ, 6 ਮਈ –
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸਿਕਿਮ ਬਾਰੇ ਮਾਨਯੋਗ ਸਿਕਿਮ ਹਾਈਕੋਰਟ ਵੱਲੋਂ ਆਏ ਫੈਸਲੇ ਦੇ ਮੱਦੇਨਜ਼ਰ ਅਗਲੇ ਵਿਚਾਰ ਵਟਾਂਦਰੇ ਅਤੇ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਸਬੰਧੀ ਐਡਵੋਕੇਟ ਧਾਮੀ ਵੱਲੋਂ ਬਣਾਈ ਸਬ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਇਤਿਹਾਸਕਾਰ ਡਾ ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ ਜਸਵਿੰਦਰ ਸਿੰਘ ਜੱਸੀ ਹੋਣਗੇ। ਸ ਸਤਬੀਰ ਸਿੰਘ ਨੇ ਦੱਸਿਆ ਕਿ ਸਿਕਿਮ ਹਾਈਕੋਰਟ ਦੇ ਆਏ ਤਾਜਾ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਬ ਕਮੇਟੀ ਜਲਦ ਸਿਕਿਮ ਜਾਵੇਗੀ ਅਤੇ ਤਾਜਾ ਹਾਲਾਤ ਦੀ ਸਮੀਖਿਆ ਕਰਕੇ ਮਸਲੇ ਦੇ ਹੱਲ ਲਈ ਚਾਰਾਜੋਈ ਕਰੇਗੀ।