ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 13 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ। ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਹਨ। ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦਲੀਪ ਸਿੰਘ ਤਲਵੰਡੀ ਨੇ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ। ਭਾਈ ਗਰੇਵਾਲ ਨੇ ਕਿਹਾ ਕਿ ਜਥੇਦਾਰ ਦਲੀਪ ਸਿੰਘ ਨੇ ਜੈਤੋ ਦੇ ਮੋਰਚੇ ਅਤੇ ਪੰਜਾਬੀ ਸੂਬਾ ਮੋਰਚਾ ਵਿਚ ਸਰਗਰਮ ਭੂਮਿਕਾ ਨਿਭਾਈ। ਜਥੇਦਾਰ ਦਲੀਪ ਸਿੰਘ ਨੇ 1955 ਵਿਚ ਮਾਸਟਰ ਤਾਰਾ ਸਿੰਘ ਨਾਲ ਮਰਨ ਵਰਤ ਰੱਖਿਆ ਅਤੇ ਸਿੰਘਾਂ ਦੇ ਜਥੇ ਲੈ ਕੇ ਦਿੱਲੀ ਜਾ ਕੇ ਗ੍ਰਿਫ਼ਤਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਕਾਂਗਰਸ ਸਰਕਾਰ ਨੇ ਜਥੇਦਾਰ ਦਲੀਪ ਸਿੰਘ ਦੇ ਘਰ ਦੀ ਕੁਕਰੀ ਵੀ ਕਰ ਦਿੱਤੀ ਸੀ। ਭਾਈ ਗਰੇਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦਾ ਯੋਗਦਾਨ ਵੀ ਮਿਸਾਲੀ ਹੈ। ਉਨ੍ਹਾਂ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੌਰਾਨ 6 ਜੂਨ 1984 ਨੂੰ ਭਾਰਤੀ ਫ਼ੌਜਾਂ ਦਾ ਮੁਕਾਬਲਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਥਕ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ।
ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਜਥੇਦਾਰ ਦਲੀਪ ਸਿੰਘ ਤੇ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੇ ਪਰਿਵਾਰਕ ਮੈਂਬਰ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਗੁਰਤਿੰਦਰਪਾਲ ਸਿੰਘ, ਗਿਆਨੀ ਪ੍ਰਤਾਪ ਸਿੰਘ, ਸ਼ਹੀਦ ਭਾਈ ਦਲੀਪ ਸਿੰਘ ਦੇ ਸਪੁੱਤਰ ਸ. ਗੁਰਚਰਨ ਸਿੰਘ, ਸ. ਨਰਿੰਦਰ ਸਿੰਘ, ਸ. ਗੁਰਭੇਜ ਸਿੰਘ, ਸ਼ਹੀਦ ਭਾਈ ਅਮਰਜੀਤ ਸਿੰਘ ਦੀ ਪਤਨੀ ਬੀਬੀ ਮਲਕੀਤ ਕੌਰ, ਭਰਾ ਸ. ਜਗਤਾਰ ਸਿੰਘ, ਸ. ਗੁਰਜੰਟ ਸਿੰਘ, ਦਲ ਖਾਲਸਾ ਦੇ ਆਗੂ ਸ. ਕੰਵਰਪਾਲ ਸਿੰਘ, ਸ. ਨਰਾਇਣ ਸਿੰਘ ਚੌੜਾ, ਸ. ਸਤਨਾਮ ਸਿੰਘ ਆਦਿ ਹਾਜ਼ਰ ਸਨ।